ਅੰਮ੍ਰਿਤਸਰ: ਪਾਕਿਸਤਾਨ ਅੰਦਰ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। 



ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਅਜਿਹੀਆਂ ਸਿੱਖ ਵਿਰੋਧੀਆਂ ਗਤੀਵਿਧੀਆਂ ਲਗਤਾਰ ਜਾਰੀ ਹਨ, ਪਰ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਗੌਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਹਾਲੀਆ ਵਾਪਰੀ ਘਟਨਾ ਵਿਚ ਸਿੱਖ ਅਧਿਆਪਕਾ ਦੀਨਾ ਕੌਰ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕੀਤੇ ਜਾਣ ਦੇ ਮਾਮਲੇ ਨੇ ਸਿੱਖ ਕੌਮ ਅੰਦਰ ਭਾਰੀ ਰੋਸ ਪੈਦਾ ਕੀਤਾ ਹੈ। ਇਹ ਘਟਨਾ ਧਰਮ ਦੀਆਂ ਕਦਰਾਂ-ਕੀਮਤਾਂ ਦੇ ਬਿਲਕੁਲ ਵਿਰੁੱਧ ਹੈ ਤੇ ਫਿਰਕੂ ਸੋਚ ਨੂੰ ਉਤਸ਼ਾਹਤ ਕਰਨ ਵਾਲੀ ਇਹ ਕਾਰਵਾਈ ਪਾਕਿਸਤਾਨ ਸਰਕਾਰ ਲਈ ਵੀ ਵੱਡਾ ਸਵਾਲ ਹੈ। 


ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਅੰਦਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਘੱਟਗਿਣਤੀ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਵਧੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਪ੍ਰਤੀ ਭਾਰਤ ਸਰਕਾਰ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੇ ਲੜਕੀ ਨੂੰ ਉਸ ਦੇ ਪਰਿਵਾਰ ਪਾਸ ਸੁਰੱਖਿਅਤ ਪਹੁੰਚਾਉਣ ਲਈ ਕਾਰਵਾਈ ਅਮਲ ਵਿਚ ਲਿਆਉਣ। 


ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਥਿਤ ਪਾਕਿਸਤਾਨ ਸਫਾਰਤਖਾਨੇ ਦੇ ਮੁਖੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ ਜਾਵੇਗਾ।



ਇਹ ਵੀ ਪੜ੍ਹੋ: Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ


ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!