ਅੱਕੇ ਕੱਚੇ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਹਾੜੇ ਦੀ ਥਾਂ ਗ਼ੁਲਾਮੀ ਦਿਵਸ ਮਨਾਉਣ ਦਾ ਐਲਾਨ
ਏਬੀਪੀ ਸਾਂਝਾ | 02 Aug 2019 03:22 PM (IST)
ਹੜਤਾਲੀ ਕਾਮਿਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਪੁਰਾਣੇ ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਚਾਰ-ਚਾਰ ਵਾਰ ਬੈਠਕਾਂ ਹੋ ਚੁੱਕੀਆਂ ਹਨ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਦੀ ਮੰਗ ਹੈ ਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ ਜਾਵੇ ਨਹੀਂ ਤਾਂ ਉਹ 15 ਅਗਸਤ ਨੂੰ ਗ਼ੁਲਾਮੀ ਦਿਵਸ ਮਨਾਉਣ ਲਈ ਮਜਬੂਰ ਹੋਣਗੇ।

ਜਲੰਧਰ: ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਨਾਲ ਬੈਠਕ ਨਾ ਹੋਈ ਤਾਂ ਉਹ ਆਜ਼ਾਦੀ ਦਿਵਸ ਦੀ ਥਾਂ ਗ਼ੁਲਾਮੀ ਦਿਹਾੜਾ ਮਨਾਉਣਗੇ। ਪੰਜਾਬ ਰੋਡਵੇਜ਼ ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਬੱਸ ਅੱਡਿਆਂ ਨੂੰ ਦੋ ਘੰਟਿਆਂ ਲਈ ਬੰਦ ਕਰਕੇ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ। ਹੜਤਾਲੀ ਕਾਮਿਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਪੁਰਾਣੇ ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਚਾਰ-ਚਾਰ ਵਾਰ ਬੈਠਕਾਂ ਹੋ ਚੁੱਕੀਆਂ ਹਨ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ। ਉਨ੍ਹਾਂ ਦੀ ਮੰਗ ਹੈ ਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ ਜਾਵੇ ਨਹੀਂ ਤਾਂ ਉਹ 15 ਅਗਸਤ ਨੂੰ ਗ਼ੁਲਾਮੀ ਦਿਵਸ ਮਨਾਉਣ ਲਈ ਮਜਬੂਰ ਹੋਣਗੇ। ਅੱਜ ਦੇ ਧਰਨੇ ਦੌਰਾਨ ਮੁਲਾਜ਼ਮਾਂ ਨੇ ਨਾ ਤਾਂ ਬਾਹਰੋ ਬੱਸਾਂ ਨੂੰ ਅੰਦਰ ਜਾਣ ਦਿੱਤਾ ਅਤੇ ਨਾ ਹੀ ਅੰਦਰਲੀਆਂ ਬੱਸਾਂ ਸਵਾਰੀਆਂ ਲੈ ਕੇ ਬਾਹਰ ਨਿਕਲ ਸਕੀਆਂ। ਲਗਾਤਾਰ ਹੋ ਰਹੀਆਂ ਹੜਤਾਲਾਂ ਤੋਂ ਬਾਅਦ ਮੁਲਾਜ਼ਮਾਂ ਦੀਆਂ ਸਰਕਾਰ ਨਾਲ ਮੀਟਿੰਗਾਂ ਵੀ ਹੋ ਰਹੀਆਂ ਹਨ ਪਰ ਕੋਈ ਹੱਲ ਨਾ ਹੁੰਦਾ ਵੇਖ ਮੁਲਾਜ਼ਮ ਸੰਘਰਸ਼ 'ਤੇ ਰਾਹ 'ਤੇ ਡਟੇ ਹੋਏ ਹਨ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਆਪਣੇ ਕੰਮਾਂ-ਕਾਰਾਂ ਲਈ ਸਫਰ ਕਰ ਰਹੇ ਲੋਕਾਂ ਨੇ ਆਪਣੀ ਪ੍ਰੇਸ਼ਾਨੀ ਵਾਸਤੇ ਸਰਕਾਰ ਦੇ ਨਾਲ-ਨਾਲ ਰੋਡਵੇਜ਼ ਮੁਲਾਜ਼ਮਾਂ ਨੂੰ ਵੀ ਜ਼ਿੰਮੇਵਾਰ ਦੱਸਿਆ।