Strike in Punjab: ਪੰਜਾਬ ਵਿੱਚ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮ ਇੱਕ ਵਾਰ ਫਿਰ ਠੱਪ ਹੋਣ ਵਾਲਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਡੀਸੀ ਮੁਲਾਜ਼ਮ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਪੰਜਾਬ ਭਰ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਸਰਕਾਰ ਵਾਰ-ਵਾਰ ਆਪਣੇ ਵਾਅਦਿਆਂ ਤੋਂ ਉਲਟ ਜਾ ਰਹੀ ਹੈ, ਜਿਸ ਕਾਰਨ ਹੜਤਾਲ ਕੀਤੀ ਜਾਵੇਗੀ।ਇਸ ਤਹਿਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਵੱਲੋਂ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ 11 ਅਗਸਤ ਨੂੰ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ 25 ਅਗਸਤ ਤੱਕ ਕਰਨ ਲਈ ਬੇਨਤੀ ਕੀਤੀ ਗਈ ਸੀ ਪਰ ਜਥੇਬੰਦੀ ਦੀ ਕਿਸੀ ਵੀ ਮੰਗ ਦੀ ਪੂਰਤੀ ਨਹੀਂ ਹੋਈ।
ਇਸ ਕਰਕੇ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ ਡੀਸੀ ਦਫਤਰਾਂ, ਐਸਡੀਐਮ, ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਕਰਮਚਾਰੀ 11 ਤੋਂ 13 ਸਤੰਬਰ ਤੱਕ ਕਲਮਛੋੜ ਹੜਤਾਲ ਤੇ ਰਹਿਣਗੇ। ਨੰਗਲ ਨੇ ਕਿਹਾ ਕਿ ਜੇ ਦੋ ਦਿਨਾਂ ਦੀ ਕਲਮਛੋੜ ਹੜਤਾਲ ਤੋਂ ਬਾਅਦ ਵੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ 13 ਸਤੰਬਰ ਨੂੰ ਜਥੇਬੰਦੀ ਨੂੰ ਅਗਲਾ ਸੰਘਰਸ਼ ਉਲੀਕੇਗੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਦੇ ਢਿੱਲੇ ਰਵੱਈਏ ਕਾਰਨ ਮੁਲਾਜ਼ਮਾਂ ਦੀਆਂ ਤਰੱਕੀਆਂ ਅਜੇ ਤੱਕ ਨਹੀਂ ਹੋਈਆਂ। ਯੂਨੀਅਨ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਸਰਕਾਰ ਨੂੰ ਤਰੱਕੀ ਦੀ ਲਾਈਨ ਵਿੱਚ ਲੱਗੇ ਮੁਲਾਜ਼ਮਾਂ ਦੀਆਂ ਸੂਚੀਆਂ ਸੌਂਪੀਆਂ ਜਾ ਚੁੱਕੀਆਂ ਹਨ। ਹਰ ਵਾਰ ਭਰੋਸਾ ਦਿੱਤਾ ਜਾਂਦਾ ਹੈ ਕਿ ਜਲਦੀ ਹੀ ਫੈਸਲਾ ਲਿਆ ਜਾ ਰਿਹਾ ਹੈ, ਪਰ ਹੋਇਆ ਕੁਝ ਨਹੀਂ।
ਇਸੇ ਤਰ੍ਹਾਂ ਮੁਲਾਜ਼ਮਾਂ ਦੇ ਸੇਵਾ ਕਾਲ ਦੌਰਾਨ 4-9-14 ਸਾਲ ਦੀ ਸੇਵਾ ਦਾ ਲਾਭ ਅਜੇ ਵੀ ਰੁਕਿਆ ਹੋਇਆ ਹੈ। ਇਸ 'ਤੇ ਵੀ ਸਰਕਾਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ। ਪਹਿਲਾਂ ਇਹ ਲਾਭ ਮਿਲਦਾ ਸੀ, ਪਰ ਹੁਣ ਇਸ ਨੂੰ ਰੋਕ ਦਿੱਤਾ ਗਿਆ ਹੈ।
ਮਨਿਸਟੀਰੀਅਲ ਸਟਾਫ਼ ਯੂਨੀਅਨ ਦਾ ਕਹਿਣਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਬਾਰੇ ਸਰਕਾਰ ਦਾ ਅਜੇ ਤੱਕ ਕੋਈ ਸਪੱਸ਼ਟ ਫੈਸਲਾ ਸਾਹਮਣੇ ਨਹੀਂ ਆਇਆ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨੂੰ ਬਕਾਇਆ ਡੀਏ ਦਿੱਤਾ ਜਾਵੇ।
ਇਹ ਵੀ ਪੜ੍ਹੋ: Patiala News: ਪੰਚਾਇਤਾਂ ਚੋਣਾਂ ਤੋਂ ਪਹਿਲਾਂ ਹੀ ਸਰਪੰਚਾਂ ਦੀ ਚੋਣ, ਲੋਕ ਲਾ ਰਹੇ ਲੱਖਾਂ ਦੀ ਬੋਲੀ