ਚੰਡੀਗੜ੍ਹ: ਪੰਜਾਬ ਸਰਕਾਰ ਦੀ ਸਖ਼ਤੀ ਅਤੇ ਜਾਗਰੂਕਤਾ ਮੁਹਿੰਮ ਦੇ ਬਾਵਜੂਦ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ। ਜਿਵੇਂ-ਜਿਵੇਂ ਝੋਨੇ ਦੀ ਕਟਾਈ ਹੋ ਰਹੀ ਹੈ, ਪਰਾਲੀ ਸਾੜਨ ਦੇ ਮਾਮਲੇ ਵਧਦੇ ਜਾ ਰਹੇ ਹਨ। ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ 630 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਅੱਗੇ ਹੈ ਜਦਕਿ ਤਰਨਤਾਰਨ ਦੂਜੇ ਨੰਬਰ ’ਤੇ ਹੈ।
ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਬਾਰੇ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਂਦਾ ਹੈ। ਉਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਨਾਲ ਵਾਤਾਵਰਨ ਵੀ ਕਾਫੀ ਹੱਦ ਤੱਕ ਦੂਸ਼ਿਤ ਹੁੰਦਾ ਹੈ।
ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 630 ਮਾਮਲੇ ਸਾਹਮਣੇ ਆ ਚੁੱਕੇ ਹਨ। ਵੀਰਵਾਰ ਨੂੰ ਪੰਜਾਬ ਭਰ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 85 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਪੰਜਾਬ ਦਾ ਅੰਮ੍ਰਿਤਸਰ ਜ਼ਿਲ੍ਹਾ ਪਰਾਲੀ ਸਾੜਨ ਵਿੱਚ ਸਭ ਤੋਂ ਅੱਗੇ ਰਿਹਾ ਹੈ।
ਅੰਮ੍ਰਿਤਸਰ ਵਿੱਚ ਪਰਾਲੀ ਸਾੜਨ ਦੇ 419 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਤਰਨਤਾਰਨ 106 ਕੇਸਾਂ ਨਾਲ ਦੂਜੇ ਨੰਬਰ ’ਤੇ, ਪਟਿਆਲਾ 21 ਕੇਸਾਂ ਨਾਲ ਤੀਜੇ, ਕਪੂਰਥਲਾ 19 ਕੇਸਾਂ ਨਾਲ ਚੌਥੇ ਨੰਬਰ ’ਤੇ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਵਿੱਚ 15, ਜਲੰਧਰ ਵਿੱਚ 12, ਗੁਰਦਾਸਪੁਰ ਵਿੱਚ ਸੱਤ, ਲੁਧਿਆਣਾ ਵਿੱਚ ਛੇ, ਐਸਏਐਸ ਅਤੇ ਸੰਗਰੂਰ ਵਿੱਚ ਪੰਜ-ਪੰਜ, ਬਰਨਾਲਾ, ਮੋਗਾ ਅਤੇ ਫਰੀਦਕੋਟ ਵਿੱਚ ਦੋ-ਦੋ, ਫਤਿਹਗੜ੍ਹ ਸਾਹਿਬ ਵਿੱਚ ਤਿੰਨ ਮਾਮਲੇ ਸਾਹਮਣੇ ਆਏ ਹਨ।
ਵੀਰਵਾਰ ਨੂੰ ਵੀ ਪਰਾਲੀ ਸਾੜਨ ਦੇ 85 ਮਾਮਲਿਆਂ 'ਚੋਂ ਅੰਮ੍ਰਿਤਸਰ ਜ਼ਿਲਾ 29 ਮਾਮਲਿਆਂ ਨਾਲ ਪਹਿਲੇ ਨੰਬਰ 'ਤੇ ਰਿਹਾ। ਜਦਕਿ ਤਰਨਤਾਰਨ ਵਿੱਚ 26 ਅਤੇ ਪਟਿਆਲਾ ਵਿੱਚ 9 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਦੂਜੇ ਪਾਸੇ ਕਿਸਾਨ ਲਗਾਤਾਰ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਕੋਈ ਉਚਿਤ ਮੁਆਵਜ਼ਾ ਨਹੀਂ ਮਿਲਦਾ ਅਤੇ ਨਾ ਹੀ ਉਪਰੋਂ ਇਸ ਸਮੱਸਿਆ ਦਾ ਕੋਈ ਹੱਲ ਨਿਕਲ ਰਿਹਾ ਹੈ। ਅਜਿਹੇ ਵਿੱਚ ਉਹ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ। ਅਜਿਹੇ ਵਿੱਚ ਕਿਸਾਨਾਂ ਨੇ ਪ੍ਰਸ਼ਾਸਨ ਦੇ ਜੁਰਮਾਨੇ ਦਾ ਵਿਰੋਧ ਕੀਤਾ ਹੈ।