Punjab News: ਪਰਾਲੀ ਸਾੜਨ ਦੇ ਮਾਮਲੇ 4500 ਪਾਰ, ਕਮਿਸ਼ਨ ਵੱਲੋਂ ਸਖਤ ਐਕਸ਼ਨ, 8 ਜ਼ਿਲ੍ਹਿਆਂ ਦੇ DC ਤੇ SSP ਨੂੰ ਨੋਟਿਸ ਜਾਰੀ
ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨੂੰ ਲੈ ਕੇ ਵਾਯੂ ਗੁਣਵੱਤਾ ਪ੍ਰਬੰਧਨ ਆਯੋਗ ਸਖ਼ਤ ਹੋ ਗਿਆ ਹੈ। ਕਮਿਸ਼ਨ ਨੇ ਅੱਠ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨੂੰ ਲੈ ਕੇ ਵਾਯੂ ਗੁਣਵੱਤਾ ਪ੍ਰਬੰਧਨ ਆਯੋਗ ਸਖ਼ਤ ਹੋ ਗਿਆ ਹੈ। ਕਮਿਸ਼ਨ ਨੇ ਅੱਠ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜੇਕਰ ਅਧਿਕਾਰੀਆਂ ਦੇ ਜਵਾਬ ਤੋਂ ਆਯੋਗ ਸੰਤੁਸ਼ਟ ਨਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਕਮਿਸ਼ਨ ਵੱਲੋਂ ਨੋਟਿਸ ਜਾਰੀ
ਕਮਿਸ਼ਨ ਨੇ ਵਾਯੂ ਗੁਣਵੱਤਾ ਪ੍ਰਬੰਧਨ ਕਾਨੂੰਨ ਦੀ ਧਾਰਾ 14 ਅਧੀਨ ਇਹ ਨੋਟਿਸ ਜਾਰੀ ਕੀਤਾ ਹੈ, ਜਿਸ ਤਹਿਤ ਪੰਜ ਸਾਲ ਤੱਕ ਦੀ ਕੈਦ ਜਾਂ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਆਯੋਗ ਨੇ ਜਿਨ੍ਹਾਂ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਇਹ ਨੋਟਿਸ ਜਾਰੀ ਕੀਤਾ ਹੈ, ਉਨ੍ਹਾਂ ਵਿੱਚ ਸ਼੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਫ਼ਾਜ਼ਿਲਕਾ, ਫਿਰੋਜ਼ਪੁਰ, ਮਾਨਸਾ, ਸੰਗਰੂਰ ਅਤੇ ਤਰਨਤਾਰਨ ਸ਼ਾਮਲ ਹਨ।
ਕਮਿਸ਼ਨ ਨੇ ਕੁਝ ਦਿਨ ਪਹਿਲਾਂ ਪੰਜਾਬ ਦਾ ਦੌਰਾ ਵੀ ਕੀਤਾ ਸੀ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਸੀ। ਇਸ ਦੌਰਾਨ ਕਮਿਸ਼ਨ ਨੇ ਰਾਜ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ। ਆਯੋਗ ਨੇ ਝੋਨੇ ਦੀ ਕਟਾਈ ਤੋਂ ਪਹਿਲਾਂ ਹੀ ਪਰਾਲੀ ਸਾੜਨ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੇ ਹੁਕਮ ਦਿੱਤੇ ਸਨ। ਸ਼ੁਰੂ 'ਚ ਪਰਾਲੀ ਸਾੜਨ ਦੇ ਮਾਮਲੇ ਘੱਟ ਸਨ, ਪਰ ਪਿਛਲੇ ਕੁਝ ਦਿਨਾਂ 'ਚ ਇਹਨਾਂ 'ਚ ਅਚਾਨਕ ਵਾਧਾ ਹੋਇਆ ਹੈ ਅਤੇ ਇਹ ਗਿਣਤੀ 4500 ਤੋਂ ਪਾਰ ਹੋ ਗਈ ਹੈ।
ਮੰਗਲਵਾਰ ਨੂੰ ਹੀ 312 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ। 15 ਸਤੰਬਰ ਤੋਂ ਪਰਾਲੀ ਸਾੜਨ ਦੀ ਮਾਨੀਟਰਿੰਗ ਸ਼ੁਰੂ ਹੋਈ ਸੀ। 30 ਸਤੰਬਰ ਤੱਕ 95 ਮਾਮਲੇ ਦਰਜ ਹੋਏ ਸਨ, ਜਦਕਿ ਅਕਤੂਬਰ ਮਹੀਨੇ ਦੌਰਾਨ 1601 ਥਾਵਾਂ 'ਤੇ ਪਰਾਲੀ ਸਾੜੀ ਗਈ। ਇਸੇ ਤਰ੍ਹਾਂ ਨਵੰਬਰ ਦੇ ਸਿਰਫ 10 ਦਿਨਾਂ ਵਿੱਚ ਹੀ 2553 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਰਕੇ ਆਯੋਗ ਕਾਫੀ ਸਖ਼ਤ ਹੋ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















