Stubble Burning: ਪਰਾਲੀ ਸਾੜਨ ਦੇ ਰਿਕਾਰਡ ਟੁੱਟਣ ਮਗਰੋਂ ਸੀਐਮ ਭਗਵੰਤ ਮਾਨ ਨੇ ਖੁਦ ਸੰਭਾਲੀ ਕਮਾਨ, ਅਫਸਰਾਂ ਨੂੰ ਦਿੱਤੇ ਸਖਤ ਨਿਰਦੇਸ਼
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ।
Stubble Burning: ਪੰਜਾਬ 'ਚ ਪਰਾਲੀ ਸਾੜਨ ਦੇ ਰਿਕਾਰਡ ਟੁੱਟਣ ਮਗਰੋਂ ਭਗਵੰਤ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ। ਇੱਕ ਪਾਸੇ ਸਰਕਾਰ ਨੇ ਅਫਸਰਾਂ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕੀਤਾ ਹੈ ਤਾਂ ਦੂਜੇ ਪਾਸੇ ਯੋਜਨਾ ਵੀ ਤਿਆਰ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ (Burning Stubble) ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ (Decision) ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਾਲੀ ਦਾ ਖੇਤਾਂ ’ਚ ਨਿਬੇੜੇ ਲਈ 30 ਹਜ਼ਾਰ ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀਆਰਐਮ ਮਸ਼ੀਨ ਦੀ ਕਿਸਮ ਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਖੇਤਰਾਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਮੁਨਾਦੀ, ਸਰਪੰਚਾਂ, ਕਿਸਾਨ ਯੂਨੀਅਨਾਂ ਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਤੇ ਇਸ ਰੁਝਾਨ ਨੂੰ ਠੱਲ੍ਹਣ ਵਾਲੇ ਕਿਸਾਨਾਂ ਤੇ ਪੰਚਾਇਤਾਂ ਦਾ ਸਨਮਾਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਰਵਾਈ ਕਰਨ ਲਈ ਇੰਟਰਨੈੱਟ (Internet) ਰਾਹੀਂ ਛੇਤੀ ਡੇਟਾ ਪ੍ਰਦਾਨ ਕਰਨ ਲਈ ਵੀ ਆਖਿਆ।
ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਪਰਾਲੀ ਸਾੜ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ।