ਪਟਿਆਲਾ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ ਜ਼ਮੀਨ ਛਡਵਾਈ ਜਾਵੇਗੀ ਜਿਸ ਉਤੇ ਕਿਸੇ ਵੀ ਤਰ੍ਹਾਂ ਦਾ ਕਾਨੂੰਨੀ ਅੜਿੱਕਾ ਨਹੀਂ ਹੈ।
ਕੈਬਨਿਟ ਮੰਤਰੀ ਨੇ ਪਰਾਲੀ ਪ੍ਰਬੰਧਨ ਸਬੰਧੀ ਕਿਹਾ ਕਿ ਸਰਕਾਰ ਵੱਲੋਂ 1 ਲੱਖ 22 ਹਜ਼ਾਰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਹੋਰ ਮਸ਼ੀਨਰੀ ਸਬਸਿਡੀ ਉਤੇ ਦੇਣ ਲਈ 15 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਦਾ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਸਮੇਂ ਵਿੱਚ ਪਰਾਲੀ ਦਾ ਮਸਲਾ ਪੂਰੀ ਤਰ੍ਹਾਂ ਹੱਲ ਕਰ ਦੇਵੇਗੀ।
ਪਟਿਆਲਾ ਵਿਖੇ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਉਤੇ ਹੋਏ ਨਾਜਾਇਜ਼ ਕਬਜ਼ੇ ਛੁਡਾਉਣ ਦੀ 1 ਮਈ ਤੋਂ ਕੀਤੀ ਗਈ ਸ਼ੁਰੂਆਤ ਤਹਿਤ ਹੁਣ 9126 ਏਕੜ ਜ਼ਮੀਨ ਤੋਂ ਕਬਜ਼ੇ ਛੁਡਵਾਏ ਜਾ ਚੁੱਕੇ ਹਨ ਤੇ ਝੋਨੇ ਦੀ ਵਾਢੀ ਤੋਂ ਬਾਅਦ ਹੁਣ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕੀਤਾ ਗਿਆ ਹੈ। ਇਸ ਲਈ ਅਫ਼ਸਰਾਂ ਦੀਆਂ ਟੀਮਾਂ ਲਗਾ ਦਿੱਤੀਆਂ ਗਈਆਂ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਜ਼ਮੀਨਾਂ ਤਾਂ ਅਜਿਹੀਆਂ ਹਨ ਜਿਨ੍ਹਾਂ ਦਾ ਪਤਾ ਸੀ ਕਿ ਇਨ੍ਹਾਂ ਉਤੇ ਕਬਜ਼ੇ ਹਨ ਤੇ ਕੁਝ ਜ਼ਮੀਨਾਂ ਅਜਿਹੀਆਂ ਹਨ ਜਿਨ੍ਹਾਂ ਉਤੇ ਨਾਜਾਇਜ਼ ਕਬਜ਼ਿਆਂ ਦਾ ਪਤਾ ਨਹੀਂ ਸੀ, ਜਿਸ ਦਾ ਮਾਲ ਵਿਭਾਗ ਦੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਣ ਤੋਂ ਬਾਅਦ ਪਤਾ ਲੱਗਿਆ ਹੈ। ਪੜਤਾਲ ਦੌਰਾਨ ਵਿਭਾਗ ਨੇ 26300 ਏਕੜ ਵਾਹੀਯੋਗ ਪੰਚਾਇਤੀ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜੋ ਪੰਚਾਇਤਾਂ ਦੇ ਕੋਲ ਨਹੀਂ ਸੀ, ਜਿਸ ਦੀ ਅੰਦਾਜਨ ਬਾਜ਼ਾਰੀ ਕੀਮਤ ਲਗਭਗ 9200 ਕਰੋੜ ਰੁਪਏ ਹੈ ਤੇ ਜੇਕਰ ਇਸ ਨੂੰ ਲੀਜ਼ ਦੇ ਦਿੱਤਾ ਜਾਂਦਾ ਹੈ ਤਾਂ ਸਰਕਾਰ ਤੇ ਪੰਚਾਇਤਾਂ ਨੂੰ ਸਾਲ ਦਾ 71 ਕਰੋੜ ਰੁਪਏ ਪ੍ਰਾਪਤ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਸਾਰੀਆਂ ਸਰਕਾਰੀ ਜ਼ਮੀਨਾਂ ਤੋਂ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ੇ ਛੁਡਵਾ ਕੇ ਰਹੇਗੀ ਅਤੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨ ਉਤੇ ਨਾਜਾਇਜ਼ ਕਬਜ਼ੇ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ 75 ਸਾਲ ਤੋਂ ਰਾਜਸੀ ਪਾਰਟੀਆਂ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਕੇ ਆਪਣੇ ਨਿੱਜੀ ਹਿੱਤਾਂ ਲਈ ਵਰਤੀਆਂ ਹਨ ਪਰ ਪਹਿਲੀ ਵਾਰ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਆਮ ਆਦਮੀ ਦੀ ਸਰਕਾਰ ਨੇ ਜ਼ਮੀਨਾਂ ਪੰਚਾਇਤ ਨੂੰ ਕਬਜ਼ੇ ਛੁਡਵਾ ਕੇ ਵਾਪਸ ਸੌਂਪੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ