Stubble Management Machinery Scam: ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਖਰੀਦੀ ਗਈ ਮਸ਼ੀਨਰੀ ਵਿੱਚ ਕਰੋੜਾਂ ਰੁਪਏ ਦੇ ਘਪਲੇ ਨੇ ਸਰਕਾਰੀ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ। ਪੰਜਾਬ ਸਰਕਾਰ ਨੇ ਇਸ ਖਪਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਹਾਇਕ ਸਬ-ਇੰਸਪੈਕਟਰਾਂ, ਖੇਤੀਬਾੜੀ ਵਿਕਾਸ ਅਧਿਕਾਰੀਆਂ ਤੇ ਖੇਤੀਬਾੜੀ ਵਿਸਥਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਪਹਿਲੇ ਪੜਾਅ ਵਿੱਚ ਕਰੀਬ 900 ਲੋਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ। ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਜਵਾਬ ਮੰਗਿਆ ਗਿਆ ਹੈ। ਉਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਇਸ ਘੁਟਾਲੇ ਦਾ ਪਰਦਾਫਾਸ਼ ਹੋ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। 2018-19 ਤੇ 2021-22 ਵਿੱਚ 90 ਹਜ਼ਾਰ 422 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸੀ। ਜਦੋਂ ਸਰਕਾਰ ਨੇ ਜਾਂਚ ਕੀਤੀ ਤਾਂ 11 ਹਜ਼ਾਰ 275 ਮਸ਼ੀਨਾਂ ਗਾਇਬ ਪਾਈਆਂ ਗਈਆਂ। ਇਹ ਮਸ਼ੀਨਾਂ ਦੀ ਕੁੱਲ ਗਿਣਤੀ ਦਾ 13 ਫੀਸਦੀ ਸੀ।
ਇਸ ਦੌਰਾਨ ਮਸ਼ੀਨਾਂ 'ਤੇ 1178 ਕਰੋੜ ਰੁਪਏ ਖਰਚ ਕੀਤੇ ਗਏ ਸੀ। ਇਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ 140 ਕਰੋੜ ਰੁਪਏ ਦੀ ਮਸ਼ੀਨਰੀ ਕਦੇ ਵੀ ਕਿਸਾਨਾਂ ਤੱਕ ਨਹੀਂ ਪਹੁੰਚੀ। ਇਹ ਸਾਰਾ ਘਪਲਾ ਫਰਜ਼ੀ ਬਿੱਲਾਂ ਰਾਹੀਂ ਹੋਇਆ ਹੈ। ਸਰਕਾਰੀ ਜਾਂਚ ਨਵੰਬਰ 2023 ਵਿੱਚ ਪੂਰੀ ਹੋ ਚੁੱਕੀ ਹੈ।
ਸੂਤਰਾਂ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਤਾਇਨਾਤ ਸਹਾਇਕ ਸਬ-ਇੰਸਪੈਕਟਰਾਂ, ਖੇਤੀਬਾੜੀ ਵਿਕਾਸ ਅਧਿਕਾਰੀਆਂ ਤੇ ਖੇਤੀਬਾੜੀ ਵਿਸਥਾਰ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਲਈ ਨੋਟਿਸ ਜਾਰੀ ਕੀਤੇ ਗਏ ਹਨ। ਇਹ ਨੋਟਿਸ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ 1970 ਦੀ ਧਾਰਾ 8 ਤਹਿਤ ਜਾਰੀ ਕੀਤਾ ਗਿਆ ਹੈ। ਫਰੀਦਕੋਟ, ਬਠਿੰਡਾ, ਮੋਗਾ, ਫਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਗਾਇਬ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।