ਕਿਸਾਨਾਂ ਵੱਲੋਂ ਬੀਜੇਪੀ ਵਿਧਾਇਕ ਦੇ ਕੱਪੜੇ ਪਾੜਨ ਖਿਲਾਫ ਡਟੇ ਸਿਆਸੀ ਲੀਡਰ, ਸੁਖਬੀਰ ਬਾਦਲ ਤੇ ਕੈਪਟਨ ਦੀ ਚੇਤਾਵਨੀ
ਸੁਖਬੀਰ ਬਾਦਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਨਾ ਕਰਨ ਲਈ ਸੰਜਮ ਵਰਤਣ।
ਚੰਡੀਗੜ੍ਹ: ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇ ਕੀਤੇ ਹਮਲੇ ਦੀ ਸਾਰੀਆਂ ਸਿਆਸੀ ਪਾਰਟੀਆਂ ਨੇ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ। ਇਹ ਕੇਵਲ ਨਾ-ਬਰਦਾਸ਼ਤ ਯੋਗ ਹੀ ਨਹੀਂ ਬਲਕਿ ਬਹੁਤ ਨਿੰਦਣਯੋਗ ਵੀ ਹੈ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ’ਤੇ ਹਮਲਾ ਕੀਤਾ ਗਿਆ ਹੈ।
ਸੁਖਬੀਰ ਬਾਦਲ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਰਾਜ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਨਾ ਕਰਨ ਲਈ ਸੰਜਮ ਵਰਤਣ। ਉਨ੍ਹਾਂ ਨੇ "ਸੂਬਾ ਪੁਲਿਸ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਲਈ ਵੀ ਨਿੰਦਾ ਕੀਤੀ, ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਅਸਫਲ ਰਹੀ ਹੈ, ਜਿੱਥੋਂ ਤੱਕ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਗੱਲ ਹੈ।" ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਭਿਅਕ ਸਮਾਜ ਵਿੱਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਤੇ ਅਜਿਹੀਆਂ ਹਰਕਤਾਂ ਸਿਰਫ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨਗੀਆਂ।
ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦੀ ਨਿੰਦਾ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਵਿੱਚ ਨਾ ਪੈਣ ਦੀ ਸਲਾਹ ਦਿੱਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਸਥਿਤੀ ਨੂੰ ਰੋਕਣ ਲਈ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਦਾ ਜਲਦੀ ਹੱਲ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਉਧਰ, ਭਾਜਪਾ ਨੇਤਾ ਤਰੁਣ ਚੁੱਘ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਚੁੱਘ ਨੇ ਕਿਹਾ, "ਕੈਪਟਨ ਸਰਕਾਰ ਲਾਅ ਐਂਡ ਆਰਡਰ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਹੋ ਗਈ ਹੈ। ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਵੀ ਫੇਲ ਰਹੀਆਂ ਹਨ। ਜੋ ਘੱਟਨਾ ਹੋਈ ਉਹ ਬਹੁਤ ਮੰਦਭਾਗੀ ਅਤੇ ਨਿੰਦਣਯੋਗ ਹੈ। ਪ੍ਰੈੱਸ ਕਾਂਨਫਰੰਸ ਕਰਨ ਜਾ ਰਹੇ ਬੀਜੇਪੀ ਵਿਧਾਇਕ ਨੂੰ ਕਿਸਾਨਾ ਦੇ ਭੇਸ ਵਿੱਚ ਯੂਥ ਕਾਂਗਰਸੀ ਵਰਕਰਾਂ ਨੇ ਕੁੱਟਿਆ ਅਤੇ ਕੱਪੜੇ ਤੱਕ ਪਾੜ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।"