ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਬਾਦਲ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਜਾਰੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਨਵੇਂ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼ਮੂਲੀਅਤ ਕੀਤੀ।

ਇਸ ਉਪਰੰਤ ਸੁਖਬੀਰ ਬਾਦਲ ਨੇ ਅਕਾਲੀ ਦਲ ਵੱਲੋਂ ਪੰਜਾਬ ਦੇ ਦੌਰੇ 'ਤੇ ਪਹਿਲੀ ਵਾਰ ਆ ਰਹੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਗੁਰੂ ਘਰ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਵੱਡੇ-ਵੱਡੇ ਅਹੁਦਿਆਂ 'ਤੇ ਤਾਇਨਾਤ ਹਸਤੀਆਂ ਆਉਂਦੀਆਂ ਹਨ। ਇਹ ਖੁਸ਼ੀ ਵਾਲੀ ਗੱਲ ਹੈ ਕਿ ਦੇਸ਼ ਦੇ ਰਾਸ਼ਟਰਪਤੀ ਜੋ ਸਧਾਰਨ ਪਰਿਵਾਰ 'ਚੋਂ ਉੱਠ ਕੇ ਦੇਸ਼ ਦੇ ਸਰਵਉਚ ਅਹੁਦੇ 'ਤੇ ਪੁੱਜੇ ਹਨ, ਉਹ ਗੁਰੂ ਘਰ ਦਾ ਅਸ਼ੀਰਵਾਦ ਲੈਣ ਆ ਰਹੇ ਹਨ।

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਦੋਹਰੇ ਮਾਪਦੰਡ ਅਪਣਾਉਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸੁਖਪਾਲ ਖਹਿਰਾ ਡਰੱਗ ਰੈਕੇਟ ਦਾ 'ਸਰਗਨਾ' ਹੈ ਤੇ ਨਸ਼ਿਆਂ ਦੇ ਮੁੱਦੇ 'ਤੇ ਵਿਧਾਨ ਸਭਾ ਚੋਣ ਲੜਨ ਵਾਲੀ ਪਾਰਟੀ ਦੇ ਮੁਖੀ ਇਸ ਮੁੱਦੇ ਤੇ ਬਿਲਕੁੱਲ ਚੁੱਪ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ 'ਆਪ' ਤੇ ਕਾਂਗਰਸ ਦੋਵੇਂ ਪਾਰਟੀਆਂ ਦੇ ਡਬਲ ਸਟੈਂਡਰਡ ਹਨ। ਜਿਥੇ ਕੇਜਰੀਵਾਲ ਖਹਿਰਾ ਮਾਮਲੇ ਵਿੱਚ ਚੁੱਪ ਨਜ਼ਰ ਆ ਰਹੇ ਹਨ, ਉੱਥੇ ਪਿਛਲੇ 8 ਮਹੀਨੇ ਦੌਰਾਨ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਅਜੇ ਤੱਕ ਮੁੱਖ ਮੰਤਰੀ ਆਪਣੇ ਦਫਤਰ ਵਿੱਚ ਨਹੀਂ ਬੈਠੇ।