ਮੋਗਾ: ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਪਿੰਡ ਰੋਡੇ ਵਿੱਚ ਜ਼ਬਰਦਸਤ ਵਿਰੋਧ ਹੋਇਆ। ਵੀਰਵਾਰ ਨੂੰ ਸੁਖਬੀਰ ਬਾਦਲ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ ਵਿੱਚ ਜਾਣ ਜਾਣਾ ਸੀ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਦੇ ਖਾਸੇ ਰੋਹ ਦਾ ਸਾਹਮਣਾ ਕਰਨਾ ਪਿਆ। ਇੱਥੇ ਜਿਵੇਂ ਹੀ ਸੁਖਬੀਰ ਬਾਦਲ ਦੀਆਂ ਗੱਡੀਆਂ ਦਾ ਕਾਫਲਾ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਖੜ੍ਹੇ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਕਰ ਦਿੱਤੀਆਂ।


ਲੋਕਾਂ ਨੇ ਝੰਡੀਆਂ ਲੈ ਕੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤੇ ਗੱਡੀਆਂ ਦਾ ਰਾਹ ਰੋਕ ਲਿਆ। ਭਾਵੇਂ ਸੁਰੱਖਿਆ ਕਰਮੀ ਪਹਿਲਾਂ ਤੋਂ ਹੀ ਲੋਕਾਂ ਦੇ ਰੋਹ ਦੇ ਡਰੋਂ ਵੱਡੀ ਗਿਣਤੀ ਵਿੱਚ ਤਾਇਨਾਤ ਸਨ ਪਰ ਵੱਡੀ ਗਿਣਤੀ ਲੋਕਾਂ ਦੇ ਰੋਹ ਅੱਗੇ ਉਨ੍ਹਾਂ ਦੀ ਵੀ ਕੋਈ ਪੇਸ਼ ਨਹੀਂ ਚੱਲੀ। ਲੋਕ ਲਗਾਤਾਰ ਸੁਖਬੀਰ ਬਾਦਲ ਵਾਪਸ ਜਾਓ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦੇ ਰਹੇ।

ਲੋਕਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਨਿੱਤ ਦਿਨ ਹੋ ਰਹੀ ਬੇਅਦਬੀ ਦਾ ਰੋਸ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਫੜਦੀ, ਸਾਡਾ ਵਿਰੋਧ ਜਾਰੀ ਰਹੇਗਾ। ਉਪ ਮੁੱਖ ਮੰਤਰੀ ਇੱਥੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਘਰ ਜਾਣ, ਪਿੰਡ ਨੂੰ ਗ੍ਰਾਟਾਂ ਜਾਰੀ ਕਰਨ ਤੇ ਲੋਕਾਂ ਨੂੰ ਸੰਬੋਧਨ ਕਰਨ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਅਕਾਲੀ ਸਰਕਾਰ ਦਾ ਕੋਈ ਆਗੂ ਆਪਣੇ ਪੂਰੇ ਕਾਰਜਕਾਲ ਦੌਰਾਨ ਕਦੇ ਵੀ ਭਿੰਡਰਾਂਵਾਲਿਆਂ ਦੇ ਘਰ ਨਹੀਂ ਗਿਆ, ਹਾਲਾਂਕਿ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਹਰਨਾਮ ਸਿੰਘ ਖਾਲਸਾ ਬਾਦਲ ਪਰਿਵਾਰ ਦੇ ਖਾਸਮਖਾਸ ਮੰਨੇ ਜਾਂਦੇ ਹਨ। ਅਜਿਹੇ ਵਿੱਚ ਵੋਟਾਂ ਦੇ ਦਿਨਾਂ ਦੇ ਨੇੜੇ ਆਉਂਦਿਆਂ ਸੁਖਬੀਰ ਬਾਦਲ ਦੀ ਉਨ੍ਹਾਂ ਦੇ ਘਰ ਫੇਰੀ ਵੀ ਵੋਟ ਬੈਂਕ ਦੀ ਸਿਆਸਤ ਨਜ਼ਰ ਆ ਰਹੀ ਹੈ।