ਅੰਮ੍ਰਿਤਸਰ: ਸ਼੍ਰੋਮਣੀ ਅਕਾਮੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੰਤਰਾਲੇ ਬਦਲਣ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਸਿੱਧੂ ਤੇ ਮਨਪ੍ਰੀਤ ਬਾਦਲ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਦੋ ਅਜਿਹੇ ਅਣਜਾਣ ਮੰਤਰੀ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਸਿੱਧੂ ਸਿਰਫ ਹਾਸਿਆਂ ਤੇ ਭਾਸ਼ਣ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਉਨ੍ਹਾਂ ਨੂੰ ਕੋਈ ਹੱਸਣ ਹਸਾਉਣ ਵਾਲਾ ਮਹਿਕਮਾ ਦੇਣਾ ਚਾਹੀਦਾ ਸੀ। ਜਦਕਿ ਮਨਪ੍ਰੀਤ ਬਾਦਲ ਸਿਰਫ ਸ਼ਾਇਰੀ ਹੀ ਵਧੀਆ ਕਰ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਵੀ ਕਿਸੇ ਅਜਿਹੇ ਹੀ ਵਿਭਾਗ ਦਾ ਮੰਤਰੀ ਬਣਾਉਣਾ ਚਾਹੀਦਾ ਸੀ।


ਉਨ੍ਹਾਂ ਕਿਹਾ ਕਿ ਮਨਪ੍ਰੀਤ ਤੇ ਸਿੱਧੂ ਸਿਰਫ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਨਾਲ ਸਿਆਸੀ ਆਪਣੀ ਦੁਸ਼ਮਣੀ ਕਰਕੇ ਪੰਜਾਬ ਦੀ ਜਨਤਾ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗਰੀਬ ਲੋਕਾਂ ਨੂੰ ਦਿੱਤੀਆਂ ਜਾਂ ਵਾਲਿਆਂ ਸਾਰੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਕੋਈ ਤਜ਼ੁਰਬਾ ਨਾ ਹੋਣ ਕਰਕੇ ਪੰਜਾਬ ਦਾ ਬੇੜਾ ਗਰਕ ਕਰਨ 'ਤੇ ਲੱਗੇ ਹੋਏ ਹਨ। ਅਕਾਲੀ-ਭਾਜਪਾ ਦੀ ਸਰਕਾਰ ਵਿੱਚ ਉਨ੍ਹਾਂ ਨੇ ਵਿੱਤ ਮੰਤਰੀ ਹੁੰਦਿਆਂ ਪੰਜਾਬ ਦਾ ਬੇੜਾ ਗਰਕ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਸੀ। ਇਸੇ ਕਰਕੇ ਹੀ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਿਆ ਗਿਆ ਸੀ।

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਹੋਂਦ ਵਿੱਚ ਆਇਆਂ ਛੇ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਨਾਮ ਦੀ ਕੋਈ ਵੀ ਚੀਜ਼ ਨਜ਼ਰ ਨਹੀਂ ਆ ਰਹੀ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੰਤਰੀਆਂ ਦੇ ਘਰਾਂ ਬਾਹਰ ਕਰਫਿਊ ਵਰਗੇ ਹਾਲਾਤ ਹਨ। ਪੰਜਾਬ ਵਿੱਚ ਸਰਕਾਰ ਤੇ ਸਰਕਾਰੀ ਅਧਿਕਾਰੀ ਵੀ ਕਿਤੇ ਕੋਈ ਕੰਮ ਕਰਦੇ ਹੋਏ ਦਿਖਾਈ ਨਹੀਂ ਦੇ ਰਹੇ।

ਸੁਖਬੀਰ ਬਾਦਲ ਨੇ ਡੇਰਾ ਵਿਵਾਦ ਬਾਰੇ ਸਫਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਆਪਣਾ ਸਟੈਂਡ ਸਪਸ਼ਟ ਕਰ ਚੁੱਕਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ ਮੁਤਾਬਕ ਹੀ ਹਰ ਕਾਰਵਾਈ ਕੀਤੀ ਜਾਵੇਗੀ।