ਬੇਅਦਬੀਆਂ ਤੇ ਗੋਲ਼ੀਕਾਂਡ: ਅਕਸ਼ੇ ਕੁਮਾਰ ਤੇ ਬਾਦਲ ਪਿਓ ਪੁੱਤ ਤੋਂ ਪੁੱਛਗਿੱਛ ਕਰੇਗੀ SIT
ਏਬੀਪੀ ਸਾਂਝਾ | 11 Nov 2018 07:44 PM (IST)
ਚੰਡੀਗੜ੍ਹ: ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਹੱਥ ਹੁਣ ਫ਼ਿਲਮ ਅਦਾਕਾਰ ਅਕਸ਼ੇ ਕੁਮਾਰ ਅਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤਕ ਪਹੁੰਚ ਗਏ ਹਨ। ਐਸਆਈਟੀ ਨੇ ਤਿੰਨਾਂ ਨੂੰ ਵੱਖ-ਵੱਖ ਦਿਨਾਂ ਮੌਕੇ ਪੁੱਛ-ਗਿੱਛ ਲਈ ਸੰਮਣ ਭੇਜੇ ਹਨ। ਦੋ ਦਿਨ ਪਹਿਲਾਂ ਤਤਕਾਲੀ ਸਥਾਨਕ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਐਸਆਈਟੀ ਸਨਮੁਖ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਐਸਆਈਟੀ ਨੇ 50 ਆਮ ਨਾਗਰਿਕਾਂ ਅਤੇ 30 ਜੂਨੀਅਰ ਰੈਂਕ ਪੁਲਿਸ ਅਧਿਕਾਰੀਆਂ ਦੇ ਬਿਆਨ ਕਲਮਬੱਧ ਕੀਤੇ ਹਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਬਣਾਈ ਗਈ ਐਸਆਈਟੀ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ 'ਏਬੀਪੀ ਸਾਂਝਾ' ਨੂੰ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਤਿੰਨਾਂ ਨੂੰ ਐਸਆਈਟੀ ਦੇ ਹਿੱਤੂ ਸੰਮਣ ਜਾਰੀ ਕੀਤੇ ਹਨ। ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਐਸਆਈਟੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਥਾਣਾ ਸਿਟੀ ਕੋਟਕਪੂਰਾ ਵਿੱਚ ਸੱਤ ਅਕਤੂਬਰ 2018 ਨੂੰ ਆਈਪੀਸੀ ਦੀ ਧਾਰਾ 307, 323, 341, 148,149 ਅਤੇ ਆਰਮਜ਼ ਐਕਟ ਦੀ ਧਾਰਾ 27 ਤਹਿਤ ਦਰਜ ਮੁਕੱਦਮਾ ਨੰਬਰ 129 ਬਾਬਤ ਪੁੱਛ-ਗਿੱਛ ਸਬੰਧੀ ਤਿੰਨਾਂ ਨੂੰ ਵੱਖ-ਵੱਖ ਦਿਨ ਸੰਮਣ ਭੇਜੇ ਹਨ। ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਤਿੰਨਾਂ ਨੂੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਤਿੰਨਾਂ ਕੋਲੋਂ ਪੁੱਛਗਿੱਛ ਦੀ ਪਹਿਲ ਕੀਤੀ ਗਈ ਹੋਵੇ। ਸੇਵਾ ਸਿੰਘ ਸੇਖਵਾਂ ਸਮੇਤ ਕਈ ਲੀਡਰਾਂ ਨੇ ਇਹ ਦਾਅਵਾ ਕੀਤਾ ਸੀ ਕਿ ਸੁਖਬੀਰ ਸਿੰਘ ਬਾਦਲ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਮੁੰਬਈ ਸਥਿਤ ਘਰ ਵਿੱਚ ਮੁਲਾਕਾਤ ਕੀਤੀ ਸੀ। ਇਹ ਵੀ ਦੋਸ਼ ਲਾਏ ਗਏ ਸਨ ਕਿ ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਮੁਆਫ਼ੀ ਦਿਵਾਉਣ ਦੀ ਸੈਟਿੰਗ ਅਕਸ਼ੇ ਦੇ ਘਰ ਹੀ ਕੀਤੀ ਗਈ ਸੀ। ਹਾਲਾਂਕਿ, ਅਕਸ਼ੇ ਕੁਮਾਰ ਇਨ੍ਹਾਂ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ, ਪਰ ਫਿਰ ਵੀ ਐਸਆਈਟੀ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।