ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦ ਸੂਬੇ ਵਿਚ ਅਕਾਲੀ ਭਾਜਪਾ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਉਸ ਵੇਲੇ ਵੀ ਕਿਹਾ ਸੀ ਕਿ ਪਾਕਿਸਤਾਨ ਭਾਰਤ ਵਿੱਚ ਨਾਰਕੋ ਟੈਰੇਰਿਜ਼ਮ ਫੈਲਾ ਰਿਹਾ ਹੈ ਤੇ ਕਾਂਗਰਸ ਸਾਡੀ ਇਸ ਦਾਅਵੇ ਉੱਪਰ ਸਵਾਲ ਚੁੱਕਦੀ ਸੀ।
ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਪੁੱਜੇ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਦਿਨੀਂ 500 ਕਿੱਲੋ ਤੋਂ ਜ਼ਿਆਦਾ ਹੈਰੋਇਨ ਬਰਾਮਦ ਹੋ ਚੁੱਕੀ ਹੈ ਤਾਂ ਇਹ ਤਾਂ ਹੀ ਸੰਭਵ ਹੈ ਜਦ ਹੇਠਲੇ ਪੱਧਰ 'ਤੇ ਸਰਕਾਰ ਵੱਲੋਂ ਇੰਨੀ ਖੁੱਲ੍ਹ ਦਿੱਤੀ ਜਾ ਰਹੀ ਹੈ। ਅਕਾਲੀ ਦਲ ਪ੍ਰਧਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਛੋਟੇ ਲੀਡਰਾਂ ਤੋਂ ਲੈ ਕੇ ਸਭ ਮਹੀਨੇ ਲੈ ਰਹੇ ਹਨ ਜਿਸ ਕਾਰਨ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਵੱਧ ਗਿਆ ਹੈ।
ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਗਠਿਤ ਕੀਤੀ ਗਈ ਐੱਸਟੀਐੱਫ ਨੂੰ ਢਾਈ ਸਾਲ ਹੋ ਗਏ ਨੇ ਪਰ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਪੰਜਾਬ ਲਈ ਸਮਾਂ ਹੀ ਨਹੀਂ ਹੈ ਤੇ ਨਾ ਹੀ ਉਸ ਨੂੰ ਪਤਾ ਕਿ ਪੰਜਾਬ ਦੇ ਪਿੰਡਾਂ ਦੇ ਵਿੱਚ ਕੀ ਵਾਪਰ ਰਿਹਾ ਹੈ।