ਅਸਤੀਫਾ ਦੇਣ ਮਗਰੋਂ ਹਰਸਿਮਰਤ ਬਾਦਲ ਤੇ ਸੁਖਬੀਰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ
ਖੇਤੀ ਬਿੱਲਾਂ ਖਿਲਾਫ ਕਿਸਾਨਾਂ ਨਾਲ ਡਟ ਕੇ ਅਕਾਲੀ ਦਲ ਵੀ ਮੌਕੇ ਦਾ ਪੂਰਾ ਲਾਹਾ ਲੈਣਾ ਚਾਹੁੰਦਾ ਹੈ। ਇਸ ਦੌਰਾਨ ਤਲਵੰਡੀ ਸਾਬੋ ਪਹੁੰਚੇ ਹਰਸਿਮਰਤ ਬਾਦਲ ਤੇ ਸੁਖਬੀਰ ਬਾਦਲ ਇਕੱਠ ਨੂੰ ਸੰਬੋਧਨ ਕਰਨਗੇ। ਉਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।

ਤਲਵੰਡੀ ਸਾਬੋ: ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਲੀਡਰ ਤੇ ਵਰਕਰ ਵੀ ਹਾਜ਼ਰ ਸਨ।
ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਹਰਸਿਮਰਤ ਬਾਦਲ ਤੇ ਸੁਖਬੀਰ ਇਕੱਠ ਨੂੰ ਸੰਬੋਧਨ ਕਰਨਗੇ। ਭਾਸ਼ਣ ਦੇਣ ਤੋਂ ਬਾਅਦ ਅਕਾਲੀ ਦਲ ਦਾ ਕਾਫਲਾ ਬਾਦਲ ਪਿੰਡ ਵੱਲ ਰਵਾਨਾ ਹੋਵੇਗਾ। ਮੰਨਿਆ ਜਾ ਰਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਇਸ ਕਾਫਲੇ ਦਾ ਹਿੱਸਾ ਬਣ ਸਕਦੇ ਹਨ।
ਖੇਤੀ ਬਿੱਲਾਂ 'ਤੇ ਅਕਾਲੀ ਦਲ ਪਹਿਲਾਂ ਜਿੱਥੇ ਇਨ੍ਹਾਂ ਬਿੱਲਾਂ ਨੂੰ ਕਿਸਾਨਾਂ ਦੇ ਹੱਕ ਚ ਦੱਸ ਰਿਹਾ ਸੀ। ਉੱਥੇ ਹੀ ਹੁਣ ਕਿਸਾਨਾਂ ਦੇ ਨਾਲ ਡਟਣ ਦਾ ਦਾਅਵਾ ਕਰ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ 'ਚ ਹੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।






















