ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦੁੱਖ ਸਾਂਝਾ ਕਰਨ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਐਤਵਾਰ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਅਕਾਲੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸੁਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲੇ) ਦਾ ਤੁਰ ਜਾਣਾ ਸਮੁੱਚੇ ਪੰਜਾਬ ਲਈ ਅਸਹਿ ਹੈ।
ਬੀਤੇ ਦਿਨੀਂ ਫ਼ੋਕੀ ਸ਼ੋਹਰਤ ਲਈ ਸੁਰੱਖਿਆ ਨਾਲ ਖਿਲਵਾੜ ਕਰਨ ਅਤੇ ਇਸੇ ਦੇ ਨਤੀਜੇ ਵਜੋਂ ਗਾਇਕ ਸਿੱਧੂ ਮੂਸੇ ਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਸੰਬੰਧੀ ਠੋਸ ਕਦਮ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮਾਣਯੋਗ ਰਾਜਪਾਲ ਪੰਜਾਬ ਨੂੰ ਇੱਕ ਮੰਗ ਪੱਤਰ ਦਿੱਤਾ ਸੀ ਤੇ 'ਆਪ' ਸਰਕਾਰ ਨੂੰ ਬਰਖ਼ਾਸਤ ਕਰਨ ਦੀ ਅਪੀਲ ਕੀਤੀ ਸੀ।
ਸੁਖਬੀਰ ਬਾਦਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਦੀ ਗ਼ਲਤੀ ਦੀ ਕੀਮਤ ਸਿੱਧੂ ਪਰਿਵਾਰ ਦੇ ਇਕਲੌਤੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਮਾਪਿਆਂ ਦਾ ਪੁੱਤ ਤੁਸੀਂ ਫੋਕੀ ਸ਼ੋਹਰਤ ਦੀ ਬਲੀ ਚੜ੍ਹਾ ਦਿੱਤਾ ਅਤੇ ਇਨ੍ਹਾਂ ਦੀ ਸਾਰੀ ਉਮਰ ਦੇ ਰੋਣੇ ਦੇ ਗੁਨਾਹਗਾਰ ਕੇਜਰੀਵਾਲ ਤੇ ਭਗਵੰਤ ਮਾਨ ਹੋl
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਆਗੂ ਗਜੇਂਦਰ ਸ਼ੇਖਾਵਤ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਫਤਿਹਜੰਗ ਬਾਜਵਾ ਤੇ ਸੁਨੀਲ ਜਾਖੜ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ।