ਚੰਡੀਗੜ੍ਹ: ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਾਅਵਾ ਕੀਤਾ ਹੈ ਕਿ ਡੇਰਾ ਸਿਰਸਾ ਦੀ ਮਦਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਡੇਰਾ ਸਿਰਸਾ ਨੇ ਜਿਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਨੂੰ ਹਰਾਉਣ ਲਈ ਪੂਰੀ ਕੋਸ਼ਿਸ਼ ਕਰਦੇ ਰਹਿਣਗੇ।

ਬ੍ਰਹਮਪੁਰਾ ਨੇ ਕਿਹਾ ਕਿ ਭਾਵੇਂ ਸਾਨੂੰ ਵੋਟਾਂ ਘੱਟ ਪਈਆਂ, ਪਰ ਅਸੀਂ ਦੋ ਸੀਟਾਂ 'ਤੇ ਬਾਦਲਾਂ ਨੂੰ ਹਰਾਉਣ ਵਿੱਚ ਕਾਮਯਾਬ ਹੋਏ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਉਨ੍ਹਾਂ ਚੰਦੂਮਾਜਰਾ ਨੂੰ ਹਰਾਇਆ। ਦੱਸ ਦੇਈਏ ਆਨੰਦਪੁਰ ਸਾਹਿਬ ਤੋਂ ਟਕਸਾਲੀ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਜ਼ਮਾਨਤ ਜ਼ਬਤ ਹੋ ਗਈ ਹੈ।

ਖਡੂਰ ਸਾਹਿਬ ਦੀ ਗੱਲ ਕੀਤੀ ਜਾਏ ਤਾਂ ਇੱਥੇ ਉਨ੍ਹਾਂ ਬੀਬੀ ਪਰਮਜੀਤ ਕੌਰ ਖਾਲੜਾ ਕਰਕੇ ਆਪਣਾ ਉਮੀਦਵਾਰ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਿਲਕੁਲ ਨਵੀਂ ਸੀ। ਇਸ ਲਈ ਉਹ ਸਾਰੇ 13 ਉਮੀਦਵਾਰ ਖੜ੍ਹੇ ਨਹੀਂ ਕਰ ਸਕੇ। ਭਾਵੇਂ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ, ਪਰ ਉਹ ਅਕਾਲੀ ਦਲ ਨੂੰ ਹਰਾਉਣ ਲਈ ਪੂਰੀ ਕੋਸ਼ਿਸ਼ ਕਰਦੇ ਰਹਿਣਗੇ।