ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਐਕਸ਼ਨ ਵਿੱਚ ਆ ਗਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਨੂੰ ਮਨਾਉਣ ਵਿੱਚ ਲੱਗੇ ਹੋਏ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਤਕ ਰੋਸ ਮਾਰਚ ਕੀਤਾ ਜਾਵੇਗਾ, ਜਿਸ ਦੀ ਅਗਵਾਈ ਸੁਖਬੀਰ ਬਾਦਲ ਕਰਨਗੇ। ਇਸ ਰੋਸ ਮਾਰਚ ਦੇ ਸਵੇਰੇ 11 ਵਜੇ ਸ਼ੁਰੂ ਹੋਣ ਦੀ ਉਮੀਦ ਹੈ।


ਦੱਸ ਦੇਈਏ ਕਿ ਮਾਲਵਾ ਖੇਤਰ 'ਚ ਕਪਾਹ ਦੀ ਫਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਸ ਦੀ ਵਿਸ਼ੇਸ਼ ਗਿਰਦਾਵਰੀ ਦੀ ਮੰਗ ਕੀਤੀ ਗਈ ਹੈ ਤੇ ਐਲਾਨ ਕੀਤਾ ਗਿਆ ਹੈ ਕਿ ਉਹ ਇਸ ਦੇ ਲਈ ਰੋਸ ਪ੍ਰਦਰਸ਼ਨ ਕਰਨਗੇ। ਇਸੇ ਤਹਿਤ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਸਰਕਾਰ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਰਹੀ। ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਸਤੀਫੇ-ਅਸਤੀਫੇ ਦੀ ਖੇਡ ਖੇਡੀ ਜਾ ਰਹੀ ਹੈ ਤੇ ਅਕਾਲੀ ਦਲ ਇਸ ਦਾ ਪਰਦਾਫਾਸ਼ ਕਰੇਗਾ।


ਇਹ ਮੁੱਦਾ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰ ਬਾਦਲ ਨੇ ਚੁੱਕਿਆ ਸੀ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਨੂੰ ਹਜ਼ਾਰਾਂ ਏਕੜ ਬਰਬਾਦ ਹੋਈ ਫਸਲ ਦੀ ਗਿਰਦਾਵਰੀ ਕਰਵਾਉਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਚਾਹੀਦਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਖੁਦ ਮਾਲਵੇ ਦੇ ਇਸ ਖੇਤਰ 'ਚ ਗਏ ਤੇ ਜਾਂਚ ਦੇ ਆਦੇਸ਼ ਦਿੱਤੇ ਸਨ। ਇਸੇ ਕਰਕੇ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ।


ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਅਕਾਲੀ ਦਲ ਦੇ ਵਰਕਰਾਂ ਨੂੰ ਸ਼ਾਇਦ ਮੁੱਖ ਮੰਤਰੀ ਦੀ ਕੋਠੀ ਤਕ ਜਾਣ ਦੀ ਇਜਾਜ਼ਤ ਨਹੀਂ ਮਿਲੇਗੀ, ਜਦਕਿ ਵੱਡੀ ਗਿਣਤੀ 'ਚ ਟਰੈਕਟਰ ਉੱਥੇ ਪਹੁੰਚ ਰਹੇ ਹਨ।