Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵੱਲ ਨਾ ਧੱਕਿਆ ਜਾਵੇ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਛੁਪਾਉਣ ਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿੱਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਨੂੰ ਇੱਕ ਵਾਰ ਫ਼ਿਰ ਅਪੀਲ ਕਰਦਾ ਹੈ ਕਿ ਪੰਜਾਬ ਨੂੰ ਮੁੜ ਕਾਲੇ ਖੂਨੀ ਦੌਰ ਵਿੱਚ ਨਾ ਧੱਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਨਾਲ ਵਾਅਦੇ ਪੂਰੇ ਕਰਨ ਵਿਚ ਵੀ ਨਾਕਾਮ ਸਾਬਤ ਹੋਈ ਹੈ ਜਿਸ ਨੇ ਝੂਠ ਦਾ ਸਹਾਰਾ ਲੈ ਕੇ ਵੋਟਾਂ ਹਾਸਲ ਕੀਤੀਆਂ ਹਨ।