Punjab News: ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ, ਸ਼ਿਸ਼ੋਦੀਆ ਦੇ ਬਿਆਨ 'ਤੇ ਬਵਾਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ..

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।
ਸੁਖਬੀਰ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਨੂੰ ਭ੍ਰਿਸ਼ਟਾਚਾਰ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਿਰੁੱਧ ਅਜਿਹੀ ਬਿਆਨਬਾਜ਼ੀ ਕਰਨ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਗਈ ਸੀ। ਸਿਸੋਦੀਆ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਮਨੀਸ਼ ਸਿਸੋਦੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉਪਰ ਲਿਖਿਆ ਹੈ ਕਿ ਮੈਂ ਭਾਰਤ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਹੈ, ਕਿਉਂਕਿ ਇਹ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਭ੍ਰਿਸ਼ਟ, ਗ਼ੈਰ-ਸੰਵਿਧਾਨਿਕ ਤੇ ਗ਼ੈਰ-ਕਾਨੂੰਨੀ ਤਰੀਕਿਆਂ ਦੀ ਖੁਲ੍ਹੇਆਮ ਬਿਆਨਬਾਜ਼ੀ ਕਰ ਰਹੀ ਹੈ, ਜਿਸ ਦਾ ਉਦੇਸ਼ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨਾ ਹੈ।
ਉਨ੍ਹਾਂ ਨੇ ਅੱਗੇ ਲਿਖਿਆ ਕਿ ਹਾਲ ਹੀ ਵਿੱਚ ਹੋਏ ਇੱਕ ਸਮਾਗਮ ਦੌਰਾਨ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਪੰਜਾਬ ਦਾ ਪ੍ਰਧਾਨ ਅਮਨ ਅਰੋੜਾ ਵੀ ਸ਼ਾਮਲ ਸੀ, ਉੱਥੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਨੂੰ ਸ਼ਰੇਆਮ ਭੜਕਾਇਆ। ਅਜਿਹੇ ਭੜਕਾਊ ਬਿਆਨਾਂ ‘ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।
ਸੁਖਬੀਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਦਹਾਕਿਆਂ ਬੱਧੀ ਕਾਲਾ ਦੌਰ ਹੰਢਾ ਚੁੱਕਿਆ ਹੈ, ਜਿਸ ਤੋਂ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਨਿਜਾਤ ਪਾਈ ਗਈ ਸੀ। ਸੰਤ ਹਰਚੰਦ ਸਿੰਘ ਲੋਂਗੋਵਾਲ ਤੇ ਪ੍ਰਕਾਸ਼ ਸਿੰਘ ਬਾਦਲ ਜਿਨ੍ਹਾਂ ਨੇ ਕੌਮੀ ਏਕਤਾ ਤੇ ਭਾਈਚਾਰਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ। ਇਹ ਸਿਸੋਦੀਆ ਜੋ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦੋਸ਼ੀ ਹੋਣ ਕਰਕੇ ਜ਼ਮਾਨਤ ‘ਤੇ ਬਾਹਰ ਹੈ। ਇਸ ਦੀਆਂ ਕਾਰਵਾਈਆਂ ਨੂੰ ਦੇਖਦੇ ਹੋਏ ਮੈਂ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕਰਦਾ ਹਾਂ ਕਿ ਉਹ ਸੰਬੰਧਤ ਅਦਾਲਤ ਨੂੰ ਇਸ ਦੀ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕਰਨ ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਸਪੱਸ਼ਟੀਕਰਨ ਆਇਆ ਹੈ। ਮੀਡੀਆ ਦੇ ਮੁਖ਼ਾਤਬ ਹੁੰਦਿਆਂ ਅਮਨ ਅਰੋੜ ਨੇ ਕਿਹਾ ਕਿ ‘ਆਪ’ ਆਪਣੀ ਈਮਾਨਦਾਰੀ ’ਤੇ ਪੂਰੀ ਤਰ੍ਹਾਂ ਕਾਇਮ ਹੈ। ਸਾਡੀ ਪਾਰਟੀ ਸਿਰਫ਼ ਤੇ ਸਿਰਫ਼ ਆਪਣੇ ਕੰਮ ਦੇ ਆਧਾਰ ਉਤੇ ਹੀ ਲੋਕਾਂ ਤੋਂ ਵੋਟ ਮੰਗੇਗੀ। ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਦੇ ਨਿੱਜੀ ਵਿਚਾਰ ਹੁੰਦੇ ਹਨ ਪਰ ਉਹ ਪਾਰਟੀ ਦੀ ਵਿਚਾਰਧਾਰਾ ਨਹੀਂ ਹੋ ਸਕਦੀ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਬਿਆਨਾਂ ਤੋਂ ਬਾਅਦ ਪੰਜਾਬ ਵਿੱਚ ਵਿਰੋਧੀ ਧਿਰਾਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਨਿਸ਼ਾਨਾਂ ਬਣਾ ਰਹੀਆਂ ਸਨ। ਇਸ ਤੋਂ ਬਾਅਦ ਆਖ਼ਰਕਾਰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਖ਼ੁਦ ਮੀਡੀਆ ਅੱਗੇ ਆਏ ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮਨੀਸ਼ ਸਿਸੋਦੀਆ ਦੇ ਵਿਚਾਰ ਨਿੱਜੀ ਹਨ, ਪਾਰਟੀ ਦੀ ਅਧਿਕਾਰਤ ਲਾਈਨ ਨਹੀਂ। ਉਨ੍ਹਾਂ ਕਿਹਾ ਕਿ ‘ਆਪ’ ਆਪਣੀ ਈਮਾਨਦਾਰੀ ’ਤੇ ਪੂਰੀ ਤਰ੍ਹਾਂ ਕਾਇਮ ਹੈ।






















