ਚੰਡੀਗੜ੍ਹ: ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਵਿੱਚ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਰਾਜੀਵ ਗਾਂਧੀ ਵਿਰੁੱਧ ਕਾਰਵਾਈ ਦੀ ਮੰਗ ਤੂਲ ਫੜਨ ਲੱਗੀ ਹੈ। ਪਹਿਲਾਂ ਭਾਜਪਾ ਲੀਡਰ, ਫਿਰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਹੁਣ ਸੁਖਬੀਰ ਬਾਦਲ ਨੇ ਵੀ ਰਾਜੀਵ ਗਾਂਧੀ ਵਿਰੁੱਧ ਤਾਜ਼ਾ ਹਮਲਾ ਬੋਲਿਆ ਹੈ। ਉਨ੍ਹਾਂ ਇਸ ਮੁੱਦੇ 'ਤੇ ਦੋਵਾਂ ਪਾਰਟੀਆਂ ਦੀ ਮਿਲੀਭੁਗਤ ਹੋਣ ਦਾ ਵੀ ਦੋਸ਼ ਲਾਇਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਭਾਰਤ ਰਤਨ ਵਾਪਸ ਲੈਣ ਦੀ ਮੰਗ ਕਰਨ ਵਾਲਾ ਮਤਾ ਪਾਸ ਕਰਨ ਲਈ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਬੈਠਕ ਬੁਲਾਉਣ ਲਈ ਆਖਿਆ ਹੈ। ਇਸ ਦੇ ਨਾਲ ਹੀ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਪੁੱਛਿਆ ਹੈ ਕਿ ਉਹ ਪੰਜਾਬੀਆਂ ਨੂੰ ਜੁਆਬ ਦੇਵੇ ਕਿ ਉਸ ਨੇ ਰਾਜੀਵ ਗਾਂਧੀ ਵਿਰੁੱਧ ਮਤਾ ਪਾਸ ਕਰਕੇ ਬਾਰੇ ਪਲਟੀ ਕਿਉਂ ਮਾਰੀ ਹੈ?
ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਸੰਬੰਧੀ ਕਾਂਗਰਸ ਤੇ 'ਆਪ' ਨੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਉਹ ਇਸ ਮੁੱਦੇ ਨੂੰ ਲੋਕਾਂ ਵਿੱਚ ਲੈ ਕੇ ਜਾਣਗੇ। ਸੁਖਬੀਰ ਬਾਦਲ ਪਹਿਲਾਂ ਵੀ ਰਾਜੀਵ ਗਾਂਧੀ ਵੱਲੋਂ 1984 ਸਿੱਖ ਕਤਲੇਆਮ ਦੌਰਾਨ ਕੀਤੀ ਬਿਆਨਬਾਜ਼ੀ 'ਤੇ ਕਾਂਗਰਸ ਨੂੰ ਘੇਰ ਚੁੱਕੇ ਹਨ ਅਤੇ ਅੱਜ ਉਨ੍ਹਾਂ ਫਿਰ ਗਾਂਧੀ ਨੂੰ ਦੇਸ਼ ਦਾ ਸਭ ਤੋਂ ਉੱਚਾ ਸਨਮਾਨ ਦਾ ਹੱਕਦਾਰ ਨਾ ਹੋਣ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਰਾਜੀਵ ਗਾਂਧੀ 'ਤੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੇ ਇਲਜ਼ਾਮ ਲੱਗਦੇ ਹਨ। ਦਰਅਸਲ, ਗਾਂਧੀ ਨੇ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਵਿਰੁੱਧ ਹੋਈ ਵੱਡੀ ਹਿੰਸਾ ਤੋਂ ਬਾਅਦ ਕਿਹਾ ਸੀ ਕਿ ਜਦ ਕੋਈ ਵੱਡਾ ਦਰੱਖ਼ਤ ਡਿੱਗਦਾ ਹੈ ਤਾਂ ਧਰਤੀ ਹਿੱਲਦੀ ਹੈ।