ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਘੇਰਦੇ-ਘੇਰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਘਿਰ ਗਏ। ਹੁਣ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਖੂਬ ਮਜ਼ਾਕ ਉੱਡ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੇ ਮੁੜ ਕੈਪਟਨ ਖਿਲਾਫ ਤੋਪਾਂ ਬੀੜ ਲਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਦੀ ਸੂਚੀ ਵਿੱਚ ਕੈਪਟਨ ਦਾ ਨਾਂ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਦਰਅਸਲ ਕੈਪਟਨ ਨੇ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਘੇਰਨ ਲਈ ਉਨ੍ਹਾਂ ਦੀ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨਾਲ ਫੋਟੋਆਂ ਜਾਰੀ ਕੀਤੀਆਂ ਸੀ। ਇਨ੍ਹਾਂ ਤਸਵੀਰਾਂ ਵਿੱਚ ਸੁਖਬੀਰ, ਮਜੀਠੀਆ, ਹਰਸਿਮਰਤ ਤੇ ਹੋਰ ਅਕਾਲੀ ਲੀਡਰ ਨਜ਼ਰ ਆ ਰਹੇ ਹਨ। ਦਿਲਚਸਪ ਹੈ ਕਿ ਇਸ ਤੋਂ ਕੁਝ ਹੀ ਘੰਟੇ ਬਾਅਦ ਅਕਾਲੀ ਦਲ ਨੇ ਉਸੇ ਬਿੱਟੂ ਸਰਪੰਚ ਨਾਲ ਕੈਪਟਨ ਦੀ ਫੋਟੋ ਜਾਰੀ ਕਰਕੇ ਪਾਸਾ ਹੀ ਪਲਟ ਦਿੱਤਾ। ਇਸ ਮਗਰੋਂ ਸੋਸ਼ਲ ਮੀਡੀਆ ਉੱਪਰ ਕੈਪਟਨ ਦਾ ਖੂਬ ਮਜ਼ਾਕ ਉੱਡ ਰਿਹਾ ਹੈ।

  ਸੁਖਬੀਰ ਬਾਦਲ ਨੇ ਫੋਟੋ ਜਾਰੀ ਕਰਦਿਆਂ ਦਾਅਵਾ ਕੀਤਾ ਹੈ ਕਿ ਸਾਲ 2017 ਦੇ ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਾਮੀ ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਉਨ੍ਹਾਂ ਮੁੱਖ ਮੰਤਰੀ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਹੁਣ ਕਿਰਪਾ ਕਰਕੇ ਅੱਜ ਉਨ੍ਹਾਂ ਵੱਲੋਂ ਜਾਰੀ ਕੀਤੀ ਫੋਟੋ ਵੀ ਬਾਕੀ ਫੋਟੋਆਂ ਨਾਲ ਰੱਖ ਕੇ ਡੀਜੀਪੀ ਨੂੰ ਭੇਜੀਆਂ ਜਾਣ। ਇਹ ਸਬੂਤ ਡੀਜੀਪੀ ਦੀ ਉਨ੍ਹਾਂ ਅਸਲੀ ਸਿਆਸਤਦਾਨਾਂ ਨੂੰ ਲੱਭਣ ਵਿੱਚ ਮਦਦ ਕਰਨਗੇ, ਜੋ ਗੈਂਗਸਟਰਾਂ ਨਾਲ ਮਿਲੇ ਹੋਏ ਹਨ ਤੇ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ ਉਨ੍ਹਾਂ ਦੀ ਵਰਤੋਂ ਕਰ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਕਿਰਪਾ ਕਰਕੇ ਇਹ ਫੋਟੋ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਵੀ ਭੇਜ ਦਿਓ ਤਾਂ ਕਿ ਉਹ ਵੀ ਸਮਝ ਜਾਣ ਕਿ ਕਿਸ ਤਰ੍ਹਾਂ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਲਾਭਾਂ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਸੀ। ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਦੇ ਆਪਣੇ ਡੀਜੀਪੀ ਵੱਲੋਂ ਪੁੱਛਗਿੱਛ ਲਈ ਸੱਦਿਆ ਜਾਣਾ ਕੈਪਟਨ ਨੂੰ ਮੁਸ਼ਕਲ ਲੱਗੇਗਾ, ਬਾਦਲ ਨੇ ਕਿਹਾ ਕਿ ਅਕਾਲੀ ਦਲ ਰਾਜਪਾਲ ਨੂੰ ਬੇਨਤੀ ਕਰੇਗਾ ਕਿ ਉਹ ਸਰਕਾਰ ਨੂੰ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਬਿੱਟੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੀ ਤਸਵੀਰ ਸਮੇਤ ਅਕਾਲੀ ਦਲ ਇੱਕ ਹੋਰ ਤਸਵੀਰ ਵੀ ਭੇਜੇਗਾ, ਜਿਸ ਵਿੱਚ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਨਾਮੀ ਗੈਂਗਸਟਰ ਪਰਦੀਪ ਸੰਧੂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਹ ਤਸਵੀਰ ਵੀ 2017 ਦੀ ਹੈ। ਬਾਦਲ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਨੇ ਬਿੱਟੂ ਦੀਆਂ ਅਕਾਲੀ ਆਗੂਆਂ ਨਾਲ ਖਿੱਚੀਆਂ ਕੁਝ ਪੁਰਾਣੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ, ਪਰ ਉਹ ਇਹ ਭੁੱਲ ਗਿਆ ਹੈ ਕਿ ਉਸ ਨੇ 2017 ’ਚ ਸਰਕਾਰ ਬਣਾਉਣ ਮੌਕੇ ਬਿੱਟੂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਦਿੱਤੀ ਸੀ।