ਚੰਡੀਗੜ੍ਹ: ਬੇਅਦਬੀ ਤੇ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਹੱਥ ਅਕਾਲੀ ਦਲ ਵੱਲ ਵਧਦੇ ਵੇਖ ਸੁਖਬੀਰ ਬਾਦਲ ਨੂੰ ਰੋਹ ਚੜ੍ਹ ਗਿਆ ਹੈ। ਹੁਣ ਸੁਖਬੀਰ ਬਾਦਲ ਨੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਨਿਰਪੱਖ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ।
ਦਰਅਸਲ ਅਕਾਲੀ ਦਲ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਲੀਡਰ ਮਨਤਾਰ ਸਿੰਘ ਬਰਾੜ ਤੋਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛਗਿੱਛ ਮਗਰੋਂ ਅਕਾਲੀ ਦਲ ਵਿੱਚ ਘਬਰਾਹਟ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਟ ਦੇ ਹੱਥ ਬਾਦਲਾਂ ਵੱਲ਼ ਵਧ ਰਹੇ ਹਨ। ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਹੈ ਕਿ ਸਿੱਟ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਵੱਲੋਂ ਮਨਤਾਰ ਬਰਾੜ ਨੂੰ ਪ੍ਰੇਸ਼ਾਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਿੱਟ ਵੱਲੋਂ ਕੀਤੀ ਜਾ ਰਹੀ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਸਮੇਂ ਮਨਤਾਰ ਬਰਾੜ ਸਿਰਫ ਵਿਧਾਇਕ ਸੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਘਟਨਾਵਾਂ ਵਿੱਚ ਅਕਾਲੀ ਆਗੂਆਂ ਨੂੰ ਫਸਾਉਣ ਦੀ ਕਾਂਗਰਸ ਦੀ ਖੇਡ ਸ਼ੁਰੂ ਤੋਂ ਹੀ ਸਪੱਸ਼ਟ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸੱਚਾਈ ਨੂੰ ਬਾਹਰ ਲਿਆਉਣ ਲਈ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕੀਤੀ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ’ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਜਿਸ ਤਰੀਕੇ ਨਾਲ ਸਿੱਟ ਵੱਲੋਂ ਮਨਤਾਰ ਸਿੰਘ ਬਰਾੜ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਿੱਟ ਵੀ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੀ ਹੈ।