ਸਿੱਖਾਂ ਨੂੰ ਆਪਣੇ ਖ਼ਿਲਾਫ਼ ਰਲੀਆਂ ਸਰਕਾਰਾਂ ਨਾਲ ਲੜਣ ਲਈ ਇੱਕਜੁਟ ਹੋਣ ਦੀ ਜ਼ਰੂਰਤ-ਬਾਦਲ
ਬਾਦਲ ਨੇ ਕਿਹਾ ਕਿ ਕਿਵੇਂ ਇਸ ਤੋਂ ਪਹਿਲਾਂ ਭਾਜਪਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਕਸਦ ਨਾਲ ਹਰਿਆਣਾ ਕਮੇਟੀ ਨੂੰ ਮਾਨਤਾ ਦਿੱਤੀ ਗਈ ਹੈ।
ਫਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ 7 ਅਕਤੂਬਰ ਨੂੰ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰੇ ਅਤੇ ਕਿਹਾ ਕਿ ਸਿੱਖ ਕੌਮ ਅਤੇ ਇਸ ਦੀ ਤਾਕਤ ਨੂੰ ਵੰਡਣ ਦੀਆਂ ਸਾਜਿਸ਼ਾਂ ਨੂੰ ਮਾਤ ਪਾਏਗੀ।
ਸੁਖਬੀਰ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਆਪ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਪਿਛਲੇ 50 ਸਾਲਾਂ ਤੋਂ ਇੱਥੇ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਕਿਸਾਨਾਂ ਨੂੰ ਜਾਰੀ ਕੀਤੇ ਗਏ ਸਾਰੇ ਨੋਟਿਸ ਵਾਪਸ ਲਏ ਜਾਣ ਅਤੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਕਾਸ਼ਤ ਦੇ ਅਧਿਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤੇ ਸਨ ਤੇ ਜੇਕਰ ਹੁਣ ਕੋਈ ਸ਼ਰਤ ਪੂਰੀ ਕਰਨੀ ਹੈ ਤਾਂ ਉਹ ਕੀਤੀ ਜਾ ਸਕਦੀ ਹੈ ਪਰ ਕਾਸ਼ਤਕਾਰਾਂ ਤੋ. ਜ਼ਮੀਨ ਨਹੀਂ ਖੋਹੀ ਜਾਣੀ ਚਾਹੀਦੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਕਿ ਆਪ ਸਰਕਾਰ ਕੋਲ ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਵਾਸਤੇ ਪੈਸੇ ਨਹੀਂ ਹਨ ਪਰ ਇਹ 700 ਕਰੋੜ ਰੁਪਏ ਝੂਠੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਢਾਈ ਕਰੋੜ ਰੁਪਏ ਪੇਡ ਨਿਊਜ਼ ’ਤੇ ਖ਼ਰਚ ਕੀਤਾ ਜਾ ਰਿਹਾ ਹੈ।
ਬਾਦਲ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਵਿਤਕਰੇ ਭਰਪੂਰ ਫੈਸਲੇ ਨਾਲ ਸਿੱਖ ਕੌਮ ਨਾਲ ਵੱਡਾ ਅਨਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਸੰਸਦ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਰਾਜੀ ਰੁਤਬੇ ਵਿਚ ਤਬਦੀਲੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਕੇਸ ਦਾ ਫੈਸਲਾ ਸੁਣਾ ਦਿੱਤਾ ਹਾਲਾਂਕਿ ਇਹ ਅੰਤਰਰਾਜੀ ਸੰਸਥਾ ਹੈ। ਜਦੋਂ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਐਸ. ਵਾਈ. ਐਲ. ਦੇ ਮਾਮਲੇ ’ਤੇ ਪਾਸ ਕੀਤੇ ਐਕਟਾਂ ਇਹ ਕਹਿ ਕੇ ਮਾਨਤਾ ਨਹੀਂ ਦਿੱਤੀ ਕਿ ਐਸ. ਵਾਈ. ਐਲ. ਅੰਤਰਰਾਜੀ ਮਸਲਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਇਸ ਤੋਂ ਪਹਿਲਾਂ ਭਾਜਪਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਕਸਦ ਨਾਲ ਹਰਿਆਣਾ ਕਮੇਟੀ ਨੂੰ ਮਾਨਤਾ ਦਿੱਤੀ ਗਈ ਹੈ। ਕੱਲ੍ਹ ਨੂੰ ਇਹ ਪੰਜਾਬ ਵਿਚ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਉਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਲਈ ਲੜਾਈ ਲੜਨ ਲਈ ਤੇ ਸਾਡੇ ਖਿਲਾਫ ਰਲੀਆਂ ਸਰਕਾਰਾਂ ਖਿਲਾਫ ਸੰਘਰਸ਼ ਕਰਨ ਲਈ ਇਕਜੁਟ ਹੋਣਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਹਲਫੀਆ ਬਿਆਨ ਦਾਇਰ ਕੀਤੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਵੀ ਸ਼੍ਰੋਮਣੀ ਕਮੇਟੀ ਦੇ ਖਿਲਾਫ ਬਿਆਨ ਦਿੱਤੇ।