Amritpal Singh:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ(Sukhbir Singh Badal) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਹਿਰਾਸਤ ਇੱਕ ਸਾਲ ਲਈ ਵਧਾਉਣ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਸੰਵਿਧਾਨ ਤੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਦੀ ਹਿਰਾਸਤ 23 ਅਪ੍ਰੈਲ, 2024 ਤੋਂ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ, ਮੈਂ ਅਤੇ ਮੇਰੀ ਪਾਰਟੀ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ NSA ਦੇ ਵਾਧੇ ਦਾ ਸਖ਼ਤ ਵਿਰੋਧ ਕਰਦੇ ਹਾਂ ਕਿਉਂਕਿ ਇਹ ਸੰਵਿਧਾਨ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਭਗਵੰਤ ਮਾਨ ਦੇ ਇਸ ਫੈਸਲੇ ਨੇ ਉਸ ਦਾ ਸਿੱਖ ਅਤੇ ਪੰਜਾਬ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ ਅਤੇ ਦਿਖਾਇਆ ਹੈ ਕਿ ਉਹ ਕਿਵੇਂ ਦਿੱਲੀ ਦੇ ਇਸ਼ਾਰਿਆਂ 'ਤੇ ਨੱਚਦਾ ਹੈ। 



ਭਾਈ ਅੰਮ੍ਰਿਤਪਾਲ ਸਿੰਘ ਨਾਲ ਵਿਚਾਰਧਾਰਾ ਦੇ ਸਾਡੇ ਮਤਭੇਦ ਹੋਣ ਦੇ ਬਾਵਜੂਦ ਅਸੀਂ ਉਨ੍ਹਾਂ ਜਾਂ ਕਿਸੇ ਹੋਰ ਦੇ ਵਿਰੁੱਧ ਜ਼ਬਰ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਾਂਗੇ ਅਤੇ ਸਾਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ ਕਿ ਸਾਨੂੰ ਇਸ ਦੀ ਸਿਆਸੀ ਕੀਮਤ ਚੁਕਾਉਣੀ ਪਵੇ । ਇਹ ਉਹ ਸਿਧਾਂਤ ਹਨ ਜੋ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਸਿਖਾਏ ਹਨ। ਮੈਂ ਇਨ੍ਹਾਂ ਅਸੂਲਾਂ ਤੋਂ ਪਿੱਛੇ ਨਹੀਂ ਹਟਾਂਗਾ।


ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਦੇ ਯਤਨਾਂ ਦੀ ਅਗਵਾਈ ਕਰਦਾ ਰਹੇਗਾ। ਸ਼ਾਂਤੀ ਅਤੇ ਫਿਰਕੂ ਸਦਭਾਵਨਾ ਤੋਂ ਬਿਨਾਂ ਕੋਈ ਤਰੱਕੀ ਤੇ ਖੁਸ਼ਹਾਲੀ ਨਹੀਂ ਹੋ ਸਕਦੀ ਅਤੇ ਸਾਡੀ ਪਾਰਟੀ ਇਸ ਸਬੰਧੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗੀ। ਇਸ ਦੇ ਨਾਲ ਹੀ ਅਸੀਂ NSA  ਅਤੇ UAPA ਵਰਗੇ ਦਮਨਕਾਰੀ ਕਾਲੇ ਕਾਨੂੰਨਾਂ ਦਾ ਵੀ ਸਖ਼ਤ ਵਿਰੋਧ ਕਰਦੇ ਹਾਂ ਤੇ ਇਹ ਕਾਲੇ ਕਾਨੂੰਨ ਅਸਵੀਕਾਰਨਯੋਗ ਹਨ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਕੀਤੀ ਗਈ ਨਿਖੇਧੀ 


ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਅੰਮ੍ਰਿਤਪਾਲ ਦੀ ਨਜ਼ਰਬੰਦੀ ਦੀ ਮਿਆਦ ਵਧਾਉਣ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਹਾਲ ਹੀ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਚੁਣਿਆ ਹੈ। ਲੇਕਿਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਉੱਤੇ ਐਨਐਸਏ ਵਧਾਉਣ ਦੀ ਇਹ ਅਤਿ ਨਿੰਦਣਯਗ ਕਾਰਵਾਈ ਕੀਤੀ ਹੈ, ਜੋ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਨਹੀਂ।


ਇਨ੍ਹਾਂ ਨੌਜੁਆਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਪੰਜਾਬ ਅਤੇ ਕੇਂਦਰ ਸਰਕਾਰ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜੁਆਨਾਂ ’ਤੇ ਲਗਾਈ ਗਈ ਐਨਐਸਏ ਖ਼ਤਮ ਕਰੇ ਅਤੇ ਉਨ੍ਹਾਂ ਨੂੰ ਰਿਹਾਅ ਕਰੇ।