Punjab News: ਸ਼੍ਰੋਮਣੀ ਅਕਾਲੀ ਦਲ (Shiromni Akali dal) ਵਿੱਚ ਸ਼ੁਰੂ ਹੋਏ ਵਿਵਾਦ ਦੇ ਸਬੰਧ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ(Sukhbir Badal) ਤੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਕਈ ਚਰਚਾਵਾਂ ਚੱਲ ਰਹੀਆਂ ਸਨ।
ਹੁਣ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਆਪਣਾ ਬਿਆਨ ਸਾਂਝਾ ਕੀਤਾ ਹੈ। ਬਾਦਲ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਫੈਲਾਈ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਅਫਵਾਹ 'ਤੇ ਧਿਆਨ ਨਾ ਦਿੱਤਾ ਜਾਵੇ। ਅਕਾਲੀ ਦਲ ਦਾ ਹਰ ਵਰਕਰ ਅਤੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹਮੇਸ਼ਾ ਸਮਰਪਿਤ ਰਹੇਗਾ। ਤੁਹਾਨੂੰ ਦੱਸ ਦੇਈਏ ਕਿ ਕੁਝ ਪੋਸਟਾਂ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਜਥੇਦਾਰਾਂ ਦੇ ਖਿਲਾਫ ਗੱਲਾਂ ਲਿਖੀਆਂ ਗਈਆਂ ਹਨ। ਜਿਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਇਹ ਬਿਆਨ ਜਾਰੀ ਕੀਤਾ ਹੈ।
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ ਜੋ ਕਿ ਅਤਿ ਨਿੰਦਣਯੋਗ ਹੈ। ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ 'ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉਂਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।
ਦੱਸ ਦਈਏ ਕਿ 2 ਦਸੰਬਰ ਨੇੜੇ ਆਉਂਦਿਆਂ ਹੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ’ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ ਜਿਸ ਨੂੰ ਸੁਧਾਰ ਲਹਿਰ ਨੇ ਸਵੀਕਾਰ ਕਰ ਲਿਆ ਹੈ। ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਧਾਰ ਲਹਿਰ ਦੇ ਸਮੂਹ ਆਗੂਆਂ ਨੂੰ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਣਾਏ ਜਾਣ ਵਾਲੇ ਫੈਸਲੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਹ ਮੀਟਿੰਗ ਸੰਪਰਦਾਇਕ ਏਕਤਾ ਅਤੇ ਸੁਧਾਰਾਂ ਨੂੰ ਸਮਰਪਿਤ ਹੈ।