Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਮੁੜ ਪੈਰੋਲ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ।


 


ਦੱਸ ਦਈਏ ਕਿ ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ ਮਿਲਣ ਮਗਰੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਬਰਨਾਵਾ ਆਸ਼ਰਮ ’ਚ ਪੁੱਜ ਗਿਆ ਹੈ। ਡੇਰਾ ਸਿਰਸਾ ਮੁਖੀ ਨਾਲ ਹਨੀਪ੍ਰੀਤ ਵੀ ਮੌਜੂਦ ਰਹੀ। ਪਿਛਲੇ 14 ਮਹੀਨਿਆਂ ਵਿੱਚ ਡੇਰਾ ਮੁਖੀ ਨੂੰ ਚੌਥੀ ਵਾਰ ਪੈਰੋਲ ਮਿਲੀ ਹੈ। 



ਡੇਰਾ ਸਿਰਸਾ ਮੁਖੀ ਨੇ ਪੈਰੋਲ ’ਤੇ ਬਾਹਰ ਆਉਣ ਤੋਂ ਬਾਅਦ ਸ਼ਾਮ ਨੂੰ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਡੇਰਾ ਪ੍ਰੇਮੀਆਂ ਨੂੰ ਸੁਨੇਹਾ ਦਿੱਤਾ। ਉਸ ਨੇ ਕਿਹਾ ਕਿ ਉਹ ਮੁੜ ਸਾਰਿਆਂ ਦੀ ਸੇਵਾ ਵਿੱਚ ਹਾਜ਼ਰ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਯੂਪੀ ਆਸ਼ਰਮ ਵਿੱਚ ਪਹੁੰਚ ਚੁੱਕਾ ਹੈ। ਉਸ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਜੋ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ, ਉਸ ਅਨੁਸਾਰ ਹੀ ਕੰਮ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਉਣ ਵਾਲੇ ਦਿਨਾਂ ਵਿੱਚ ਸਿਰਸਾ ਵੀ ਆ ਸਕਦਾ ਹੈ।