ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਵਿਰੋਧ ਕਰਨ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਪੁਲਿਸ ਨੇ ਇਸ ਹਮਲੇ ਨੂੰ ਨਾਕਾਮ ਕਰ ਦਿੱਤਾ, ਪਰ ਲੋਕ ਆਪਣਾ ਰੋਸ ਪ੍ਰਗਟ ਕਰਨ ਵਿੱਚ ਸਫ਼ਲ ਰਹੇ। ਰੋਸ ਪ੍ਰਗਟ ਕਰ ਰਹੇ ਲੋਕਾਂ ਨੇ ਕਿਹਾ ਕਿ ਉਹ ਬਾਦਲ ਨੂੰ ਕਿਸੇ ਗੁਰੂ ਘਰ ਤੋਂ ਬੋਲਣ ਨਹੀਂ ਦੇਣਗੇ।
ਆਪਣੀ ਸੱਤ ਅਕਤੂਬਰ ਦੀ ਰੈਲੀ ਨੂੰ ਸਫ਼ਲ ਬਣਾਉਣ ਲਈ ਸੁਖਬੀਰ ਸੰਗਰੂਰ ਵੱਲ ਜਾ ਰਹੇ ਸਨ ਜਿੱਥੇ ਉਨ੍ਹਾਂ ਨੂੰ ਇਸ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਅਤੇ ਕਾਲ਼ੇ ਝੰਡੇ ਚੁੱਕ ਕੇ ਰੋਸ ਜ਼ਾਹਰ ਕੀਤਾ।
ਗੁਰਦੁਆਰੇ ਨੇੜੇ ਇਕੱਠੇ ਹੋਏ ਲੋਕਾਂ ਨੇ ਸੁਖਬੀਰ ਦੀ ਕਾਲ਼ੀ ਲੈਂਡ ਕਰੂਜ਼ਰ ਕਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਦੂਰ ਕਰ ਦਿੱਤਾ। ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਦਾ ਆਮ ਲੋਕਾਂ ਵੱਲੋਂ ਕਈ ਵਾਰ ਵਿਰੋਧ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।