Sukhbir Badal: ਬੇਸ਼ੱਕ ਵਿਰੋਧੀ ਧਿਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਭਵਨ ਦਾ ਉਦਘਾਟਨ ਕਰਨ ਖਿਲਾਫ ਡਟ ਗਈਆਂ ਹਨ ਪਰ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਨੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣਗੇ। 



ਦੱਸ ਦਈਏ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾ ਰਿਹਾ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਹੱਕ ਰਾਸ਼ਟਰਪਤੀ ਦਾ ਬਣਦਾ ਹੈ। ਇਸ ਲਈ ਬਹੁਤੀਆਂ ਵਿਰੋਧੀ ਧਿਰਾਂ ਇਸ ਸਮਾਗਮ ਦਾ ਬਾਈਕਾਟ ਕਰ ਰਹੀਆਂ ਹਨ। ਦੂਜੇ ਪਾਸੇ ਅਕਾਲੀ ਦਲ ਨੇ ਬੀਜੇਪੀ ਸਰਕਾਰ ਤੋਂ ਵੱਖ ਹੋਣ ਦੇ ਬਾਵਜੂਦ ਇਸ ਸਮਾਗਮ ਵਿੱਚ ਜਾਣ ਦਾ ਐਲਾਨ ਕੀਤਾ ਹੈ।


ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਡਾ. ਚੀਮਾ ਨੇ ‘ਆਪ’ ਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ।  



ਸੀਐਮ ਭਗਵੰਤ ਮਾਨ ਵੱਲੋਂ ਬਾਈਕਾਟ ਦਾ ਐਲਾਨ


ਉਧਰ, ਦੇਸ਼ ਦੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ’ਤੇ ਆਮ ਆਦਮੀ ਪਾਰਟੀ (ਆਪ) ਨੇ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਗਾਈ ਹੈ। ਇਸ ਲਈ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।


ਸੀਐਮ ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਦੇਸ਼ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ’ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ ਪਰ ਇਹ ਦੁੱਖ ਦੀ ਗੱਲ ਹੈ ਕਿ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ’ਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ, “ਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ’ਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।”