ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿਚ ਵਾਪਰੇ ਜਬਰ ਜਨਾਹ ਦੁਖਾਂਤ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।

ਬਾਦਲ ਨੇ ਕਿਹਾ, ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਾਮਲੇ ਨੂੰ ਸਹੀ ਤਰੀਕੇ ਨਾਲ ਨਹੀਂ ਨਜਿੱਠ ਰਹੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਜਬਰ ਜਨਾਹ ਦੀ ਪੀੜਤ ਦੇ ਪਰਿਵਾਰ ਦੀ ਸਹਿਮਤੀ ਤੋਂ ਬਗੈਰ ਉਸਦੀ ਲਾਸ਼ ਨੂੰ ਸਾੜ ਕੇ ਪੀੜਤ ਪਰਿਵਾਰ ਨਾਲ ਵਿਤਕਰਾ ਕੀਤਾ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਇਸ ਕਾਰਵਾਈ ਦੀ ਨਿਖੇਧੀ ਕਰਦਾ ਹਾਂ ਤੇ ਅਸੀਂ ਇਸ ਘਿਨੌਣੇ ਕਾਰੇ ਲਈ ਜ਼ਿੰਮੇਵਾਰ ਸਾਰੇ ਪੁਲਿਸ ਤੇ ਸਿਵਲ ਅਫਸਰਾਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਸਿਰਫ ਬਦਲੀ ਕਰ ਦੇਣਾ ਜਾਂ ਮੁਅੱਤਲ ਕਰ ਦੇਣਾ ਹੀ ਕਾਫੀ ਨਹੀਂ ਹੈ। ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਅਫਸਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ, ਨਹੀਂ ਤਾਂ ਦਲਿਤ ਭਾਈਚਾਰੇ ਦਾ ਸਰਕਾਰ ਤੋਂ ਵਿਸ਼ਵਾਸ ਉਠ ਜਾਵੇਗਾ।