Punjab News: ਸੰਗਰੂਰ ਦੇ ਲੌਂਗੋਵਾਲ ਵਿੱਚ ਪੁਲਿਸ ਤੇ ਕਿਸਾਨਾਂ ਦੀ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਪ੍ਰਸ਼ਾਸਨ ਇਸ ਨੂੰ ਕਿਸਾਨਾਂ ਦੀ ਗ਼ਲਤੀ ਦੱਸ ਰਿਹਾ ਜਦੋਂ ਕਿ ਕਿਸਾਨਾਂ ਨੇ ਇਸ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਦਾ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਮਰਥਣ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਸੁਖਬੀਰ ਬਾਦਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਸੰਘਰਸ਼ ਕਰ ਰਹੇ ਨਿੱਹਥੇ ਕਿਸਾਨਾਂ ਉੱਤੇ ਪੁਲਿਸ ਨੇ ਤਸ਼ੱਦਦ ਕੀਤਾ ਹੈ ਜਿਸ ਦਾ ਆਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨ ਪ੍ਰੀਤਮ ਸਿੰਘ ਨੂੰ ਸ਼ਹੀਦ ਕੀਤਾ ਹੈ। ਇਸ ਲਈ ਮੁੱਖ ਮੰਤਰੀ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ-ਬਾਦਲ
ਇਸ ਤੋਂ ਬਾਅਦ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਬਾਬਤ ਸੁਖਬੀਰ ਬਾਦਲ ਨੇ ਕਿਹਾ ਕਿ ਪਿੰਡਾਂ ਦੇ ਹਾਲਾਤ ਬਹੁਤ ਖ਼ਰਾਬ ਹਨ। ਹਜ਼ਾਰਾਂ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਲੋਕ ਬੇਘਰ ਹੋ ਗਏ ਨੇ ਤੇ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਬਾਦਲ ਨੇ ਕਿਹਾ ਕਿ ਇਹੋ ਜਿਹੇ ਹਲਾਤਾਂ ਵਿੱਚ ਮੁੱਖ ਮੰਤਰੀ ਤੇ ਉਨ੍ਹਾਂ ਦੇ ਮੰਤਰੀ ਮਹਿਜ਼ ਫੋਟੋਸ਼ੂਟ ਕਰਵਾਉਣ ਲਈ ਆਉਂਦੇ ਹਨ। ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਇਸ ਮੌਕੇ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ ਲੋਕਾਂ ਦੀ ਮਦਦ ਲਈ ਧੰਨਵਾਦ ਵੀ ਕੀਤਾ ਹੈ।
ਸਰਕਾਰ ਦੀ ਨੀਅਤ ਸਾਫ਼ ਨਹੀਂ-ਬਾਦਲ
ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਤੱਕ ਹੜ੍ਹਾਂ ਨਾਲ ਪਹਿਲਾਂ ਹੋਏ ਨੁਕਸਾਨ ਦੀਆਂ ਗਿਰਦਾਵਰੀਆਂ ਨਹੀਂ ਕਰਵਾਈਆਂ ਹਨ। ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਬਾਦਲ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਲੋਕਾਂ ਨੂੰ ਜੋ ਚੈੱਕ ਦਿੱਤੇ ਗਏ ਹਨ ਉਨ੍ਹਾਂ ਦੇ ਉੱਪਰ ਬਣੇ ਲਿਫ਼ਾਫਿਆਂ ਉੱਤੇ ਵੱਧ ਰਕਮ ਲਿਖੀ ਹੈ ਪਰ ਜਦੋਂ ਉਸ ਨੂੰ ਖੋਲ੍ਹ ਕੇ ਵੇਖਿਆ ਜਾਂਦਾ ਹੈ ਤਾਂ ਬਹੁਤ ਘੱਟ ਰਕਮ ਨਿਕਲਦੀ ਹੈ।