Jalandhar News: ਲੋਕ ਸਭਾ ਚੋਣਾਂ ਵਿੱਚ ਮਿਲੀ ਵੱਡੀ ਹਾਰ ਕਾਰਨ ਸ਼੍ਰੋਮਣੀ ਅਕਾਲੀ ਦਲ ਅੰਦਰ ਘਮਸਾਣ ਮੱਚਿਆ ਹੋਇਆ ਹੈ। ਪਾਰਟੀ ਅੰਦਰੋਂ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਚਰਚਾ ਵੀ ਛਿੜ ਗਈ ਹੈ। ਅਜਿਹੇ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵੀ ਸਿਰ ਉਪਰ ਆ ਗਈ ਹੈ। ਇਸ ਲਈ ਸੁਖਬੀਰ ਬਾਦਲ ਫੂਕ-ਫੂਕ ਪੈਰ ਧਰ ਰਹੇ ਹਨ। 



ਸੁਖਬੀਰ ਬਾਦਲ ਨੇ ਜਲੰਧਰ ਜ਼ਿਮਨੀ ਚੋਣ ਲਈ ਖੁਦ ਉਮੀਦਵਾਰ ਦਾ ਐਲਾਨ ਕਰਨ ਦੀ ਬਜਾਏ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਹੁਣ ਇਹ ਕਮੇਟੀ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤਿੰਨ ਮੈਂਬਰੀ ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਵੀ ਅਹਿਮ ਹੈ ਕਿ ਇਹ ਕਮੇਟੀ ਹੀ ਉਪ ਚੋਣ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।



ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ 'ਆਪ' ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਹੈ ਕਿ ਕਾਂਗਰਸ ਵੀ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਇਸ ਤੋਂ ਇਲਾਵਾ ਬਸਪਾ ਵੀ ਚੋਣਾਂ ਨੂੰ ਲੈ ਕੇ ਲਖਨਊ 'ਚ ਮੀਟਿੰਗ ਕਰ ਰਹੀ ਹੈ।



ਇਹ ਚੋਣ ਜਿੱਥੇ ਸੱਤਾਧਿਰ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਲਈ ਵੀ ਬੇਹੱਦ ਅਹਿਮ ਹੈ। ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦਾ ਵੋਟ ਫੀਸਦੀ ਬੀਜੇਪੀ ਨਾਲੋਂ ਵੀ ਹੇਠਾਂ ਆ ਗਿਆ ਹੈ। ਅਜਿਹੇ ਵਿੱਚ ਜੇਕਰ ਜ਼ਿਮਨੀ ਚੋਣ ਵਿੱਚ ਵੀ ਅਕਾਲੀ ਦਲ ਆਪਣੇ ਵੋਟ ਬੈਂਕ ਨੂੰ ਨਾ ਸੰਭਾਲ ਸਕਿਆ ਤਾਂ ਪਾਰਟੀ ਲਈ ਖਤਰੇ ਦੀ ਘੰਟੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।