ਚੰਡੀਗੜ੍ਹ: ਜਰਮਨੀ ਦੋ ਦੌਰੇ ਤੋਂ ਪਰਤਣ ਮਗਰੋਂ ਸੀਐਮ ਭਗਵੰਤ ਮਾਨ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕੀਤਾ ਜਾਏਗਾ। ਸੀਐਮ ਭਗਵੰਤ ਮਾਨ ਭਰੋਸੇ ਦਾ ਵੋਟ ਹਾਸਲ ਕਰਕੇ ਵਿਰੋਧੀਆਂ ਨੂੰ ਸਖਤ ਸੰਕੇਤ ਦੇਣਾ ਚਾਹੁੰਦੇ ਹਨ ਕਿ ਸਾਰੇ ਵਿਧਾਇਕ ਉਨ੍ਹਾਂ ਨਾਲ ਇੱਕਜੁੱਟ ਹਨ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਸੱਦੇ ਇਜਲਾਸ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਪੁਸ਼ਟੀ ਸਿਰਫ਼ ਸੀਬੀਆਈ ਜਾਂ ਹਾਈ ਕੋਰਟ ਦੀ ਨਿਗਰਾਨ ਹੇਠ ਜਾਂਚ ਵਿੱਚ ਹੀ ਹੋ ਸਕਦੀ ਹੈ ਤੇ ਇੰਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਕੋਈ ਲਾਹਾ ਨਹੀਂ ਮਿਲਣਾ।
ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਦਿੱਲੀ ’ਚ ਇਹ ਡਰਾਮਾ ਕੀਤਾ ਗਿਆ ਸੀ ਤੇ ਹੁਣ ਪੰਜਾਬ ’ਚ ਡਰਾਮਾ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਨੂੰ ਬਹੁਮਤ ਹਾਸਲ ਹੈ ਤੇ ਕਿਤੋਂ ਵੀ ਭਰੋਸਗੀ ਮਤਾ ਹਾਸਲ ਕਰਨ ਦੀ ਮੰਗ ਨਹੀਂ ਉੱਠੀ। ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਜਾਂ ਫਿਰ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਲਈ ਸਹਿਮਤੀ ਦੇਣ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕੋਲ ਪਰਦਾ ਪਾਉਣ ਲਈ ਕੁਝ ਨਹੀਂ ਤਾਂ ਫਿਰ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਤੋਂ ਡਰਨਾ ਨਹੀਂ ਚਾਹੀਦਾ। ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਆਉਂਦੇ ਵਿਸ਼ੇਸ਼ ਇਜਲਾਸ ਵਿੱਚ ਐਸਵਾਈਐਲ, ਚੰਡੀਗੜ੍ਹ ਪੰਜਾਬ ਨੂੰ ਦੇਣ, ਆਬਕਾਰੀ ਘਪਲੇ ਦੀ ਜਾਂਚ ਤੇ ਕਿਸਾਨੀ ਸੰਕਟ ਨਾਲ ਸਬੰਧਤ ਅਸਲ ਮੁੱਦਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਹ ਐਲਾਨ ਕੀਤਾ ਸੀ ਕਿ ਐਸਵਾਈਐਲ ਦੇ ਪਾਣੀ ’ਤੇ ਹਰਿਆਣਾ ਤੇ ਦਿੱਲੀ ਦਾ ਵੀ ਹੱਕ ਹੈ ਤਾਂ ਉਨ੍ਹਾਂ ਦੀ ਹਾਂ ਵਿੱਚ ਹਾਂ ਮਿਲਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦਾ ਪੱਖ ਕਮਜ਼ੋਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰਿਆਣਾ ਵੱਲੋਂ ਚੰਡੀਗੜ੍ਹ ਵਿੱਚ ਨਵੀਂ ਵਿਧਾਨ ਸਭਾ ਵਾਸਤੇ ਵੱਖਰੇ ਪਲਾਟ ਦੀ ਕੀਤੀ ਮੰਗ ਦਾ ਵੀ ਵਿਰੋਧ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।