Punjab News:  ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਹੁਣ ਸੁਖਬੀਰ ਬਾਦਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।


ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਾਹਿਗਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ।ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।






ਜ਼ਿਕਰ ਕਰ ਦਈਏ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ।


ਅਕਾਲੀ ਲੀਡਰਾਂ ਨੇ ਕੀ ਦਿੱਤੀ ਪ੍ਰਤੀਕਿਰਿਆ


ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ। ਦਲਜੀਤ ਸਿੰਘ ਚੀਮਾ ਨੇ ਕਿਹਾ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਸਵਿਕਾਰ ਕਰਨਗੇ। ਸੁਖਬੀਰ ਬਾਦਲ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਜੋ ਵੀ ਹੁਕਮ ਆਵੇਗਾ ਉਸ ਨੂੰ ਨਿਮਾਣੇ ਸਿੱਖ ਵਾਂਗ ਸਵਿਕਾਰ ਕੀਤਾ ਜਾਵੇਗਾ