ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਫਰੀਦਕੋਟ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਸਿੱਟ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੁਲਜ਼ਮ ਬਣਾਇਆ ਹੋਇਆ ਹੈ। ਸੁਖਬੀਰ ਬਾਦਲ ਤੋਂ ਇਲਾਵਾ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਮੁੱਖ ਮੁਲਜ਼ਮ ਹਨ।


ਸੁਖਬੀਰ ਸਿੰਘ ਬਾਦਲ ਨੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਵਿੱਚ ਵਿਦੇਸ਼ ਜਾਣ ਦੇ ਲਈ ਇਜਾਜ਼ਤ ਦੇ ਦੇਣ ਦੀ ਮੰਗ ਕਰਦੀ ਪਟੀਸ਼ਟਨ ਦਾਇਰ ਕੀਤੀ ਸੀ। ਸੁਖਬੀਰ ਬਾਦਲ ਨੇ ਅਦਾਲਤ ਤੋਂ 10 ਦਿਨਾਂ ਲਈ ਵਿਦੇਸ਼ ਜਾਣ ਸਬੰਧੀ ਮੰਗ ਕੀਤੀ ਸੀ। ਜਿਸ 'ਤੇ ਫਰੀਦਕੋਟ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ।  ਹਲਾਂਕਿ SIT ਨੇ ਬਾਦਲ ਦੀ ਇਸ ਅਰਜ਼ੀ 'ਤੇ ਅਦਾਲਤ ਵਿੱਚ ਵਿਰੋਧ ਵੀ ਜਤਾਇਆ ਸੀ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦੇਸ਼ ਵਿੱਚ ਆਪਣੀ ਧੀ ਨੂੰ ਮਿਲਣ ਜਾਣਾ ਹੈ। ਸੁਖਬੀਰ ਬਾਦਲ ਦੀ ਧੀ ਦੀ ਗ੍ਰੈਜੂਏਸ਼ਨ ਸੈਰੇਮਨੀ ਹੈ ਜਿਸ ਵਿੱਚ ਸ਼ਾਮਲ ਹੋਣ ਲਈ ਸੁਖਬੀਰ ਬਾਦਲ ਨੇ ਵਿਦੇਸ਼ ਜਾਣਾ ਹੈ। ਇਸ ਲਈ ਬਾਦਲ ਨੇ ਫਰੀਦਕੋਟ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਜਿਸ 'ਤੇ ਕੋਰਟ ਨੇ ਸ਼ਰਤਾਂ ਨਾਲ ਇਜਾਜ਼ਤ ਦੇ ਦਿੱਤੀ ਹੈ। 


ਬੇਅਬਦੀ ਅਤੇ ਗੋਲੀਕਾਂਡ ਮਾਮਲਿਆਂ ਵਿਚੋਂ ਪੁਲਿਸ ਨੇ ਦੋ ਕੇਸਾਂ ਵਿੱਚ ਚਾਰਜਸ਼ੀਟ ਫਾਇਲ ਕਰ ਦਿੱਤੀ ਹੈ। ਬਰਗਾੜੀ ਬੇਅਬਦੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ ਅਤੇ ਰਾਮ ਰਹੀਮ ਸਮੇਤ ਡੇਰਾ ਪ੍ਰੇਮੀ ਵੀ ਇਸ ਵਿੱਚ ਨਾਮਜ਼ਦ ਕੀਤੇ ਹਨ। ਬਰਗਾੜੀ ਬੇਅਬਦੀ ਮਾਮਲੇ ਦੀ ਸੁਣਾਵਈ ਮੌਜੂਦਾ ਸਮੇਂ ਚੰਡੀਗੜ੍ਹ ਵਿੱਚ ਹੋ ਰਹੀ ਹੈ। ਦੂਸਰਾ ਕੇਸ ਕੋਟਕਪੁਰਾ ਗੋਲੀਕਾਂਡ ਮਾਮਲ ਹੈ ਜਿਸ ਵਿੱਚ ਸਿੱਟ ਚਲਾਨ ਪੇਸ਼ ਕਰ ਚੁੱਕੀ ਹੈ। ਇਸ ਵਿੱਚ ਪੁਲਿਸ ਅਫ਼ਸਰਾਂ ਸਮੇਤ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨਾਮਜ਼ਦ ਹਨ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹਾਲੇ ਤੱਕ ਪੰਜਾਬ ਪੁਲਿਸ ਚਲਾਨ ਪੇਸ਼ ਨਹੀਂ ਕਰ ਸਕੀ। 


ਕੋਟਕਪੂਰਾ ਗੋਲੀਕਾਂਡ ਵਿੱਚ 2 FIR ਦਰਜ ਹਨ। ਇਸ ਮਾਮਲੇ ਵਿੱਚ ADGP ਐਲਕੇ ਯਾਦਵ ਅਤੇ SSP ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ​​ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।


SIT ਵੱਲੋਂ ਪੇਸ਼ ਕੀਤੇ ਇਸ ਚਲਾਨ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤਤਕਾਲੀ DGP ਸੁਮੇਧ ਸਿੰਘ ਸੈਣੀ, ਤਤਕਾਲੀ IG ਪਰਮਰਾਜ ਉਮਰਾਨੰਗਲ, SSP ਮੋਗਾ ਚਰਨਜੀਤ ਸ਼ਰਮਾ, SSP ਫਰੀਦਕੋਟ ਸੁਖਮੰਦਰ ਮਾਨ, DIG ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀਨ SHO ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।