Sikh Gurdwaras Act: ਮਾਨ ਸਰਕਾਰ ਦੇ ਫ਼ੈਸਲੇ ਲਈ ਸੁਖਬੀਰ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ-ਢੀਂਡਸਾ
ਢੀਂਡਸਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ਲਈ ਸੁਖਬੀਰ ਸਿੰਘ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਵੱਲੋਂ ਸਿਰਫ਼ ਇਕ ਚੈਨਲ ਨੂੰ ਹੀ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ
Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 ਵਿਚ ਛੇੜਛਾੜ ਕਰਨ ਦੇ ਕੀਤੇ ਗਏ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਕੇ ਮਾਨ ਸਰਕਾਰ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੂੰ ਅਜਿਹਾ ਕਰਨ ਤੋਂ ਨਾ ਰੋਕਿਆ ਗਿਆ ਤਾਂ ਭਵਿੱਖ ਵਿਚ ਵੀ ਸਰਕਾਰਾਂ ਦੇ ਸਿੱਖ ਮਸਲਿਆਂ ਵਿਚ ਦਖਲਅੰਦਾਜੀ ਕਰਨ ਦੇ ਰਾਹ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।
ਢੀਂਡਸਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ਲਈ ਸੁਖਬੀਰ ਸਿੰਘ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਵੱਲੋਂ ਸਿਰਫ਼ ਇਕ ਚੈਨਲ ਨੂੰ ਹੀ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ ਅਤੇ ਜੇਕਰ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਐਸਜੀਪੀਸੀ ਦੇ ਆਪਣਾ ਚੈਨਲ ਸ਼ੁਰੂ ਕਰਨ ਦੀ ਗੱਲ ਮੰਨ ਲੈਂਦੇ ਤਾਂ ਮਾਨ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦੀ ਹਿੰਮਤ ਨਹੀ ਹੋਣੀ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਗੁਰਬਾਣੀ ਪ੍ਰਸਾਰਣ `ਤੇ ਸਿਰਫ ਇਕ ਚੈਨਲ ਦੀ ਹੀ ਅਜਾਰੇਦਾਰੀ ਕਾਇਮ ਰੱਖਣ ਦੇ ਸਵਾਰਥ ਨੇ ਮਾਨ ਸਰਕਾਰ ਨੂੰ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦਾ ਮੌਕਾ ਦਿੱਤਾ ਹੈ। ਜਿਸ ਨਾਲ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਹਾਲੇ ਇਹ ਸ਼ੁਰੂਆਤ ਹੈ ਅਤੇ ਜੇਕਰ ਇਸ ਦਾ ਵਿਰੋਧ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਹੋਰ ਵਧੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।