ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਖਿਆ ਦੇ ਦਿੱਲੀ ਮਾਡਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਉਹ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਜਸ਼ਨ ਮਨਾਉਣ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪੈਸੇ ਨੂੰ ਅਰਵਿੰਦ ਕੇਜਰੀਵਾਲ ਤੇ ਦਿੱਲੀ ਮਾਡਲ ਦੇ ਪ੍ਰਚਾਰ ’ਤੇ ਬਰਬਾਦ ਨਾ ਕਰਨ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਭਗਵੰਤ ਮਾਨ ਦਿੱਲੀ ਮਾਡਲ ਦੇ ਪ੍ਰਚਾਰ ਲਈ ਪਹਿਲਾਂ ਹੀ ਕਰਜ਼ਈ ਪੰਜਾਬ ਦੇ ਪੈਸੇ ਨੂੰ ਖੁਸ਼ੀ ਨਾਲ ਬਰਬਾਦ ਕਰਨ ਤੇ ਲੁਟਾਉਣ ਦਾ ਕੋਈ ਮੌਕਾ ਨਹੀਂ ਗੁਆਉਂਦੇ ਪਰ ਉਹ ਦਿੱਲੀ ਦੇ ਮੁਕਾਬਲੇ ਆਪਣੇ ਰਾਜ ਦੀਆਂ ਪ੍ਰਾਪਤੀਆਂ ਦੀ ਗੱਲ ਕਰਨ ਲਈ ਤਿਆਰ ਨਹੀਂ ਹਨ।
ਹਰਪਾਲ ਚੀਮਾ ਦਾ ਵੱਡਾ ਬਿਆਨ, ਭ੍ਰਿਸ਼ਟ ਲੋਕਾਂ ਖਿਲਾਫ ਸਬੂਤ ਦੇਣ ਕੈਪਟਨ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ
ਸੁਖਬੀਰ ਬਾਦਲ ਨੇ ਕਿਹਾ ਕਿ ਮਾਨ ਦਿੱਲੀ ਮਾਡਲ ਦੇ ਸੋਹਲੇ ਗਾ ਰਹੇ ਹਨ ਜਦੋਂਕਿ ਪ੍ਰਾਪਤੀਆਂ ਪੰਜਾਬ ਦੇ ਬੱਚੇ, ਨੌਜਵਾਨ, ਵਿਦਿਆਰਥੀ ਤੇ ਅਧਿਆਪਕ ਹਾਸਲ ਕਰ ਰਹੇ ਹਨ। ਮੁੱਖ ਮੰਤਰੀ ਦਿੱਲੀ ਮਾਡਲ ਬਾਰੇ ਤਾਂ ਹਰ ਥਾਂ ਪ੍ਰਚਾਰ ਕਰਦੇ ਹਨ ਪਰ ਹੁਣ ਉਹ ਪੰਜਾਬ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨਹੀਂ ਦੱਸ ਰਹੇ।
ਉਨ੍ਹਾਂ ਕਿਹਾ ਕਿ ਕੌਮੀ ਸਰਵੇਖਣ ਵਿੱਚ ਪੰਜਾਬ ਨੇ ਦਰਸਾ ਦਿੱਤਾ ਹੈ ਕਿ ਉਹ ਦੇਸ਼ ਵਿਚ ਸਭ ਤੋਂ ਅੱਗੇ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਵਿਦਿਆਰਥੀਆਂ ਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਤੋਂ ਨਾਂਹ ਕਰਨ ’ਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਤੇ ਹੋਰ ‘ਆਪ’ ਆਗੂ ਸਾਡੇ ਸੂਬੇ ਦੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਆਪਣੇ ਆਪ ਨੂੰ ਸ਼ਰਮਿੰਦਾ ਮਹਿਸੂਸ ਕਰ ਰਹੇ ਹਨ।