Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਹੀ ਦੇਰ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ। ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਅਣ-ਐਲਾਨੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਮਜੀਠੀਆ ਇਸ ਸਮੇਂ ਜੇਲ੍ਹ ਵਿੱਚ ਹਨ।
ਮਜੀਠੀਆ ਨੂੰ ਜੂਨ 2025 ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਅਤੇ ਲਗਭਗ ₹540 ਕਰੋੜ ਰੁਪਏ ਦੇ ਡਰੱਗ ਮਨੀ ਨੂੰ ਚਿੱਟਾ ਕਰਨ ਦੀ ਵੀ ਕੋਸ਼ਿਸ਼ ਕੀਤੀ।
ਜਾਂਚ ਏਜੰਸੀਆਂ ਨੇ ਇਸ ਮਾਮਲੇ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ, ਜਿਸ ਕਾਰਨ ਉਹ ਜੇਲ੍ਹ ਵਿੱਚ ਹਨ।
ਜ਼ਿਕਰਯੋਗ ਹੈ ਕਿ ਮਜੀਠੀਆ ਦਾ ਨਾਮ ਪਹਿਲਾਂ 2021 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਡਰੱਗ ਕੇਸ ਵਿੱਚ ਸਾਹਮਣੇ ਆਇਆ ਸੀ, ਅਤੇ ਉਸ ਸਮੇਂ ਦੌਰਾਨ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ। ਜੇਲ੍ਹ ਵਿੱਚ ਕਾਫ਼ੀ ਸਮਾਂ ਬਿਤਾਉਣ ਤੋਂ ਬਾਅਦ, ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਅੱਜ ਉਨ੍ਹਾਂ ਨੂੰ ਸੁਖਬੀਰ ਬਾਦਲ ਮਿਲਣ ਜਾ ਰਹੇ ਹਨ, ਇਸ ਮੁਲਾਕਾਤ ਨੂੰ ਕਿਤੇ ਨਾ ਕਿਤੇ ਸਿਆਸਤ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਉੱਥੇ ਹੀ ਪਿਛਲੇ ਦਿਨੀਂ ਬਿਕਰਮ ਮਜੀਠੀਆ ਨੂੰ ਰਾਧਾ ਸੁਆਮੀ ਸਤਸੰਗ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਵੀ ਮਿਲਣ ਆਏ ਸਨ।