ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਸੰਗਰੂਰ ਜ਼ਿਮਨੀ ਚੋਣ ਵਿੱਚ ਪੰਥਕ ਜਥੇਬੰਦੀਆਂ, ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਖੜ੍ਹਦੇ ਹੋਏ ਆਪਣਾ ਨਾਮ ਵਾਪਸ ਲੈਣ ਤਾਂ ਜੋ ਪੰਥਕ ਏਕਤਾ ਬਣੀ ਰਹੇ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਖ਼ੁਦ ਸਿਮਰਨਜੀਤ ਮਾਨ ਦੇ ਘਰ ਜਾ ਕੇ ਅਪੀਲ ਕੀਤੀ ਸੀ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਕੋਈ ਮੈਂਬਰ ਸਾਂਝਾ ਉਮੀਦਵਾਰ ਚੁਣਿਆ ਜਾਵੇ। ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਮਾਨ ਨਾਲ ਵਾਅਦਾ ਵੀ ਕੀਤਾ ਸੀ ਕਿ ਇਹ ਚੋਣ ਸਿਰਫ਼ ਡੇਢ ਸਾਲ ਲਈ ਹੈ ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਡਟ ਕੇ ਹਮਾਇਤ ਕਰੇਗਾ, ਪਰ ਉਨ੍ਹਾਂ ਆਪਣੀ ਜ਼ਿੱਦ ਨਹੀਂ ਛੱਡੀ। ਉਨ੍ਹਾਂ ਦੱਸਿਆ ਕਿ ਸਾਰੀਆਂ ਪੰਥਕ ਜਥੇਬੰਦੀਆਂ, ਅਕਾਲੀ ਦਲ ਤੇ ਬਸਪਾ ਦੀ ਹੋਈ ਸਾਂਝੀ ਮੀਟਿੰਗ ਵਿੱਚ ਸਿਮਰਨਜੀਤ ਮਾਨ ਨੂੰ ਇਹ ਅਪੀਲ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।  

ਉਧਰ, ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਦਮਦਮੀ ਟਕਸਾਲ ਦੇ ਲੀਡਰਾਂ ਨੂੰ ਕਿਹਾ ਕਿ ਜੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਹਨ ਤਾਂ ਉਹ ਆਪਣੇ ਅਹੁਦੇ ਛੱਡਣ ਤੇ ਇਨ੍ਹਾਂ ਅਹੁਦਿਆਂ ’ਤੇ ਬੰਦੀ ਸਿੰਘਾਂ ਨੂੰ ਨਾਮਜ਼ਦ ਕੀਤਾ ਜਾਵੇ।

ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਦੇ ਬਾਹਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮਿਲਣ ਲਈ ਆਏ ਸੀ। ਉਨ੍ਹਾਂ ਇਨ੍ਹਾਂ ਆਗੂਆਂ ਨੂੰ ਕਿਹਾ ਕਿ ਜੇ ਉਹ ਇਸ ਮਾਮਲੇ ਵਿੱਚ ਸੁਹਿਰਦ ਹਨ ਤਾਂ ਪਹਿਲਾਂ ਆਪਣੇ ਅਹੁਦੇ ਛੱਡਣ।