ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਕਿੰਗ ਪਿੰਨ ਦੱਸਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਵਾਲੇ ਖਹਿਰਾ ਨੂੰ ਸਰਕਾਰ ਤੁਰੰਤ ਅੰਦਰ ਕਰੇ। ਬਾਦਲ ਨੇ ਅਦਾਲਤ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਸੁਖਪਾਲ ਖਹਿਰਾ ਦੇ ਅਸਤੀਫੇ ਦੀ ਮੰਗ ਵੀ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖਹਿਰਾ ਨੂੰ ਤੁਰੰਤ ਗ੍ਰਿਫਤਾਰ ਕਰੇ। ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਤੇ ਹਾਈਕੋਰਟ ਵੱਲੋਂ ਦਿੱਤੇ ਫੈਸਲਿਆਂ ਦੀ ਕਾਪੀਆਂ ਵਿੱਚੋਂ ਜੱਜਾਂ ਦੇ ਸ਼ਬਦਾਂ ਨੂੰ ਪੜ੍ਹਦਿਆਂ ਬਾਦਲ ਨੇ ਕਿਹਾ ਕਿ ਖਹਿਰਾ ਭਾਰਤ ਦਾ ਅਜਿਹਾ ਪਹਿਲਾ ਸਿਆਸਤਦਾਨ ਹੈ ਜਿਸ ਵਿਰੁੱਧ ਅਜਿਹੇ ਗੰਭੀਰ ਇਲਜ਼ਾਮ ਲੱਗੇ ਹਨ।

ਸਾਬਕਾ ਉਪ ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਜਸਟਿਸ ਮਹਿਤਾਬ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਖਹਿਰਾ ਦੀ ਜਸਟਿਸ ਰਣਜੀਤ ਸਿੰਘ ਨਾਲ ਰਿਸ਼ਤੇਦਾਰੀ ਕਾਰਨ ਉਸ ਦੀ ਕੈਪਟਨ ਨਾਲ ਗੰਢਤੁੱਪ ਹੋ ਚੁੱਕੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਖਹਿਰਾ ਨੂੰ ਬਚਾਅ ਰਹੇ ਹਨ।

ਬਾਦਲ ਨੇ ਖਹਿਰਾ ਦੇ ਨਾਲ ਨਾਲ ਕੇਜਰੀਵਾਲ ਨੂੰ ਵੀ ਇਸ ਮਾਮਲੇ ਵਿੱਚ ਘੜੀਸ ਲਿਆ। ਬਾਦਲ ਨੇ ਇਨ੍ਹਾਂ ਚੋਣਾਂ ਤੇ ਪਿਛਲੀਆਂ ਚੋਣਾਂ ਦੌਰਾਨ ਖਹਿਰਾ ਦੀ ਜਾਇਦਾਦ ਵਿੱਚ ਹੋਏ ਵਾਧੇ ਦੇ ਤਾਰ ਨਸ਼ਾ ਤਸਕਰੀ ਨਾਲ ਜੁੜੇ ਹੋਣ ਦਾ ਖੁਲਾਸਾ ਕਰਦਿਆਂ ਕਿਹਾ ਕਿ ਖਹਿਰਾ ਦਾ ਇਹ ਪੈਸਾ ਆਮ ਆਦਮੀ ਪਾਰਟੀ ਵੱਲੋਂ ਵੀ ਵਰਤਿਆ ਗਿਆ ਹੋ ਸਕਦਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਖਹਿਰਾ ਦੇ ਡਰੱਗ ਮਾਮਲੇ ਦੀ ਜਾਂਚ ਈ.ਡੀ. ਤੇ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਸੁਖਬੀਰ ਬਾਦਲ ਨੇ ਕੇਜਰੀਵਾਲ ਨੂੰ ਵੀ ਕਿਹਾ ਕਿ ਉਹ ਸੁਖਪਾਲ ਖਹਿਰਾ ਨੂੰ ਪਾਰਟੀ ਤੋਂ ਤੁਰੰਤ ਬਰਖਾਸਤ ਕਰਨ। ਬਾਦਲ ਨੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਉਸ ਦੀ ਖਹਿਰਾ ਤੇ ਬੈਂਸ ਭਰਾਵਾਂ ਨਾਲ ਇੱਕ ਸੁਰ ਹੈ ਤੇ ਉਹ ਕਿਸੇ ਵੀ ਸਮੇਂ ਕਾਂਗਰਸ ਪਾਰਟੀ ਨੂੰ ਧੋਖਾ ਦੇ ਸਕਦਾ ਹੈ।