ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਮੌਕੇ ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਗਏ। ਕੋਈ ਹੋਰ ਨਾਮ ਸਾਹਮਣੇ ਨਾ ਆਉਣ ਕਰਕੇ ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਗਏ। ਬਲਵਿੰਦਰ ਸਿੰਘ ਭੂੰਦੜ, ਅੱਜ ਦੇ ਇਜਲਾਸ ਦੇ ਨਿਗਰਾਨ ਨੇ ਰਸਮੀ ਤੌਰ ਤੇ ਸੁਖਬੀਰ ਬਾਦਲ ਦੇ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ।

ਪਿਛਲੀਆਂ ਦੋ ਟਰਮਾਂ ਵਿੱਚ ਵੀ ਪਾਰਟੀ ਵੱਲੋਂ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੂੰ ਪ੍ਰਧਾਨ ਚੁਣਿਆ ਗਿਆ ਸੀ।ਹਾਲਾਂਕਿ ਪਿਛਲੇ ਸਮੇਂ ਦੌਰਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਸਵਾਲ ਚੁੱਕਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਵਰਗੇ ਦਿੱਗਜ ਅਕਾਲੀ ਨੇਤਾ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਹਨ।

ਸੀਨੀਅਰ ਅਕਾਲੀ ਨੇਤਾ ਜਥੇਦਾਰ ਤੋਤਾ ਸਿੰਘ, ਸੀਨੀਅਰ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਜਗਮੀਤ ਸਿੰਘ ਬਰਾੜ ਨੇ ਸੁਖਬੀਰ ਬਾਦਲ ਨੂੰ ਮੁੜ੍ਹ ਪ੍ਰਧਾਨ ਬਣਾਉਣ ਲਈ ਤਾਈਦ ਮਾਜੀਦ ਕੀਤੀ ਸੀ। ਅੱਜ ਅਕਾਲੀ ਦਲ ਦੇ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਈ ਹੈ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅੰਮ੍ਰਿਤਸਰ ਨੇ ਸ਼ਮੂਲੀਅਤ ਪਾਈ।

ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 99ਵਾਂ ਸਥਾਪਨਾ ਦਿਵਸ ਮਨਾ ਰਹੀ ਹੈ।