ਵੱਡੀ ਖ਼ਬਰ ! ਸੁਖਬੀਰ ਬਾਦਲ ਮੁੜ ਤੋਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, 90 ਦਿਨਾਂ ਬਾਅਦ ਮੁੜ ਤੋਂ ਸੁਖਬੀਰ ਬਣੇ 'ਪ੍ਰਧਾਨ ਸਾਬ੍ਹ'
ਸ਼੍ਰੋਮਣੀ ਅਕਾਲੀ ਦਲ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ (Shiromni Akali Dal) ਨੂੰ ਅੱਜ ਸ਼ਨੀਵਾਰ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। ਇਹ ਮੀਟਿੰਗ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਸੁਖਬੀਰ ਬਾਦਲ ਨੇ ਨਾਂਅ ਉੱਤੇ ਮੋਹਰ ਲਾਈ ਗਈ।
ਇਸ ਚੋਣ ਲਈ ਕਿਸੇ ਨੇ ਵੀ ਬਾਦਲ ਦੇ ਖ਼ਿਲਾਫ਼ ਆਪਣਾ ਨਾਮ ਪ੍ਰਸਤਾਵਿਤ ਨਹੀਂ ਕੀਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਰਬਸੰਮਤੀ ਨਾਲ ਮੁਖੀ ਚੁਣਿਆ ਗਿਆ। ਅਕਾਲੀ ਆਗੂ ਅਤੇ ਇਨ੍ਹਾਂ ਚੋਣਾਂ ਲਈ ਨਿਯੁਕਤ ਰਿਟਰਨਿੰਗ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਨੇ ਮੀਟਿੰਗ ਦੌਰਾਨ ਬਾਦਲ ਦੇ ਨਾਮ ਨੂੰ ਪ੍ਰਵਾਨਗੀ ਦਿੱਤੀ।
ਬਾਦਲ ਨੇ ਪੰਜ ਮਹੀਨੇ ਪਹਿਲਾਂ ਤਨਖ਼ਾਹੀਆ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਦੌਰਾਨ, ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਪਣੀ ਸਜ਼ਾ ਕੱਟ ਰਹੇ ਸੀ ਤਾਂ ਉਨ੍ਹਾਂ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਬਚ ਗਏ।
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਉੱਤੇ ਸੁਖਬੀਰ ਬਾਦਲ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ਪੰਜਾਬ ਦੇ ਵਿਕਾਸ ਪੁਰਸ਼ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਬਹੁਤ ਬਹੁਤ ਮੁਬਾਰਕਾਂ, ਬਾਦਲ ਪੰਥ ਤੇ ਪੰਜਾਬ ਦੇ ਹੱਕਾਂ ਦੀ ਡੱਟ ਕੇ ਪਹਿਰੇਦਾਰੀ ਕਰਨ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ।
ਪੰਜਾਬ ਦੇ ਵਿਕਾਸ ਪੁਰਸ਼ ਸ. ਸੁਖਬੀਰ ਸਿੰਘ ਬਾਦਲ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਬਹੁਤ ਬਹੁਤ ਮੁਬਾਰਕਾਂ, ਸ. ਬਾਦਲ ਪੰਥ ਤੇ ਪੰਜਾਬ ਦੇ ਹੱਕਾਂ ਦੀ ਡੱਟ ਕੇ ਪਹਿਰੇਦਾਰੀ ਕਰਨ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ।#ShiromaniAkaliDal#SukhbirSinghBadal pic.twitter.com/GdANQLmj6Q
— Shiromani Akali Dal (@Akali_Dal_) April 12, 2025
ਦੱਸ ਦਈਏ ਕਿ ਸੁਖਬੀਰ ਬਾਦਲ ਨੇ 16 ਨਵੰਬਰ 2024 ਨੂੰ ਅਕਾਲ ਤਖ਼ਤ ਵੱਲੋਂ 'ਤਨਖਾਹੀਆ' ਘੋਸ਼ਿਤ ਕੀਤੇ ਜਾਣ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। 2 ਦਸੰਬਰ 2025 ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਮੇਤ ਸਾਰੀ ਮੌਜੂਦਾ ਪਾਰਟੀ ਲੀਡਰਸ਼ਿਪ ਨੂੰ "ਪਾਰਟੀ ਚਲਾਉਣ ਦੇ ਅਯੋਗ" ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਨ੍ਹਾਂ ਦੀ ਥਾਂ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਨਿਯੁਕਤ ਕਰ ਦਿੱਤਾ।




















