ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ 'ਤੇ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੀ ਗੱਲ ਕਹੀ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਉਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਇਸ ਮਾਮਲੇ ਉੱਪਰ ਪ੍ਰਤੀਕਿਰਿਆ ਦਿੰਦਿਆਂ ਕਿਹਾ ਲੰਬੇ ਸਮੇਂ ਤੋਂ ਪੀੜਤ ਪਰਿਵਾਰ ਨਿਆਂ ਦੀ ਉਡਿਕ 'ਚ ਸੀ। ਅੱਜ ਸੁਪਰੀਮ ਕੋਰਟ ਨੇ ਇਨਸਾਫ ਕੀਤਾ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਬੀਜੇਪੀ ਵਿੱਚ ਸ਼ਾਮਲ ਹੋਣ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀ ਉਮਰ ਸੁਨੀਲ ਜਾਖੜ ਭਾਜਪਾ ਦੀ ਅਲੋਚਨਾ ਕਰਦੇ ਰਹੇ ਤੇ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਜਾਖੜ ਨੂੰ ਇਹ ਵੀ ਸਵਾਲ ਕੀਤਾ ਕਿ ਕੀ ਉਨ੍ਹਾਂ ਦੇ ਭਤੀਜੇ ਵੀ, ਜੋ ਕਾਂਗਰਸ ਦੇ ਵਿਧਾਇਕ ਹਨ, ਭਾਜਪਾ 'ਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ਵਿੱਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ।
ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਇਸ 'ਚ ਸਿੱਧੂ ਨੇ ਗੁਰਨਾਮ ਸਿੰਘ ਨੂੰ ਕਥਿਤ ਤੌਰ 'ਤੇ ਮੁੱਕਾ ਮਾਰਿਆ। ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੱਧੂ ਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਤੋਂ ਬਾਅਦ ਮਾਮਲਾ ਅਦਾਲਤ ਤਕ ਪਹੁੰਚ ਗਿਆ। ਸੁਣਵਾਈ ਦੌਰਾਨ ਸੈਸ਼ਨ ਕੋਰਟ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ 1999 ਵਿੱਚ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਸੈਸ਼ਨ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।