Punjab Politics: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੀ ਅਸੂਲਾਂ ਦੀ ਪਾਰਟੀ ਹੈ, ਸਾਡੇ ਲਈ ਗਿਣਤੀ ਤੋਂ ਜ਼ਿਆਦਾ ਅਸੂਲ ਜ਼ਰੂਰੀ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ। ਇਹ ਅਸੂਲਾਂ ਵਾਲੀ ਪਾਰਟੀ ਹੈ। ਬਾਦਲ ਨੇ ਕਿਹਾ ਇਹ ਪਾਰਟੀ ਸਰਕਾਰ ਬਣਾਉਣ ਲਈ ਹੋਂਦ ਵਿੱਚ ਨਹੀਂ ਆਈ ਸੀ ਇਹ ਕੌਮ ਤੇ ਪੰਜਾਬੀਆਂ ਦੀ ਰੱਖਿਆ ਲਈ ਬਣਾਈ ਗਈ ਸੀ।
ਇਸ ਮੌਕੇ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਸਿਰਫ਼ ਵੋਟਾਂ ਦੀ ਰਾਜਨੀਤੀ ਕਰਦੀਆਂ ਹਨ। ਅਸੀਂ ਵੋਟ ਦੀ ਰਾਜਨੀਤੀ ਨਹੀਂ ਕਰਦੇ ਸਾਡੇ ਲਈ ਪੰਜਾਬ ਸਭ ਤੋਂ ਪਹਿਲਾਂ ਹੈ। ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਇੱਕੋ ਇੱਕੋ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ।
ਭਾਜਪਾ ਨੇ ਅਕਾਲੀ ਦਲ ਨਾਲ ਗੱਠਜੋੜ ਕਰਨ ਤੋਂ ਕੀਤਾ ਇਨਕਾਰ
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ (26 ਮਾਰਚ) ਨੂੰ ਐਲਾਨ ਕੀਤਾ ਹੈ ਕਿ ਪਾਰਟੀ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Punjab BJP president Sunil Jakhar) ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀਡੀਓ ਸੰਦੇਸ਼ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਜਾ ਰਹੀ ਹੈ।
ਜਾਖੜ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਆਗੂਆਂ ਦੀ ਰਾਏ ਨੂੰ ਦੇਖਦਿਆਂ ਲਿਆ ਗਿਆ ਹੈ। ਇਹ ਫੈਸਲਾ ਪੰਜਾਬ ਦੇ ਸਮੂਹ ਕਿਸਾਨਾਂ, ਪੰਜਾਬ ਦੇ ਵਪਾਰੀਆਂ, ਪੰਜਾਬ ਦੇ ਮਜ਼ਦੂਰਾਂ, ਪੰਜਾਬ ਦੀਆਂ ਪਛੜੀਆਂ ਸ਼੍ਰੇਣੀਆਂ ਦੇ ਉਜਵਲ ਭਵਿੱਖ ਲਈ ਲਿਆ ਗਿਆ ਹੈ। ਭਾਜਪਾ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਪੰਜਾਬ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।