ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫੇਰ ਬੇਅਬਦੀ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਪਾਰਟੀ 'ਤੇ ਸਿਆਸਤ ਕਰਨ ਦਾ ਇਲਜਾਮ ਲਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਰਦਾਸ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਜਿੰਦਗੀ ਤੇ ਇਨ੍ਹਾਂ ਚੋਣਾਂ 'ਚ ਕੱਖ ਨਾ ਰਹੇ।



ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਸੀ ਤੇ ਅੱਜ ਗੁਰੂ ਘਰ 'ਚ ਅਰਦਾਸ ਕੀਤੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇੱਕ ਹੀ ਟੀਚਾ ਸੀ ਕਿ ਕਿਵੇਂ ਪੰਥ ਦੀ ਨੁਮਾਇੰਦਾ ਜਥੇਬੰਦੀ ਅਕਾਲੀ ਦਲ ਨੂੰ ਬਦਨਾਮ ਕੀਤਾ ਜਾਵੇ। ਬਾਦਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਨੇ ਜੋ ਜਾਂਚ ਕੀਤੀ, ਉਸ 'ਚ ਵੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਗਈ ਸੀ, ਜਿਸ ਨੂੰ ਹਾਈਕੋਰਟ ਨੇ ਮੁੱਢੋਂ ਰੱਦ ਕਰ ਦਿੱਤਾ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ। 


ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਸੀ ਕਿ ਸਾਡੀ ਸਰਕਾਰ ਹੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰੇ ਪਰ ਸਾਡੇ 'ਤੇ ਦਬਾਅ ਇੰਨਾ ਬਣਾਇਆ ਗਿਆ ਕਿ ਸਾਨੂੰ ਜਾਂਚ ਸੀਬੀਆਈ ਨੂੰ ਦੇਣੀ ਪਈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਦੋਸ਼ੀਆਂ ਨੂੰ ਫੜਨ ਦੀ ਬਜਾਏ ਕਾਂਗਰਸ ਸਰਕਾਰ ਸਿਆਸਤ ਕਰਦੀ ਰਹੀ। 


ਸੁਖਬੀਰ ਬਾਦਲ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਤਾਂ ਭੇਜ ਦਿੱਤਾ ਪਰ ਉਸ ਕੋਲੋਂ ਕੋਈ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਗਈ। ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਦਾ ਪੁਲਿਸ ਨੇ ਕੋਈ ਡੀਐਨਏ ਨਹੀਂ ਲਿਆ ਤੇ ਨਾ ਹੀ ਪਛਾਣ ਕੀਤੀ ਤੇ ਫਟਾਫਟ ਪੁਲਿਸ ਨੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904