Union Budget 2025 : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਅੱਜ ਸੰਸਦ ਵਿੱਚ ਬਜਟ ਪੇਸ਼ ਕੀਤਾ। ਹੁਣ ਬਜਟ ਨੂੰ ਲੈ ਕੇ ਸਿਆਸੀ ਗਲਿਆਰਿਆਂ ਤੋਂ ਵੱਖੋਂ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਅਜਿਹੇ ਦੇ ਵਿੱਚ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਬਜਟ ਨੂੰ ਲੈ ਕੇ ਚਿੰਤਾ ਜਤਾਈ। ਉਨ੍ਹਾਂ ਨੇ ਕਿਹਾ ਕਿ ਅੱਜ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰੀ ਬਜਟ 2025 'ਚ ਦੇਸ਼ ਦੇ ਇਕਜੁੱਟ ਵਿਕਾਸ ਦੀ ਗੱਲ ਨਹੀਂ ਕੀਤੀ ਗਈ ਅਤੇ ਇਸ 'ਚ ਸਿਰਫ ਚੋਣਾਂ ਵਾਸਤੇ ਸੂਬਿਆਂ ’ਤੇ ਹੀ ਧਿਆਨ ਦਿੱਤਾ ਗਿਆ।
ਪੂਰਨ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਦੀਆਂ ਮੰਗਾਂ ਅਣਡਿੱਠ ਕੀਤਾ ਗਿਆ
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੂਰਨ ਕਰਜ਼ਾ ਮੁਆਫ਼ੀ ਸਮੇਤ ਕਿਸਾਨਾਂ ਦੀਆਂ ਮੰਗਾਂ ਅਣਡਿੱਠ ਕਰ ਕੇ ਖੇਤੀਬਾੜੀ ਅਰਥਚਾਰੇ ਨੂੰ ਖਤਰੇ ਵਿਚ ਪਾਇਆ ਗਿਆ ਹੈ। ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਰਾ ਜ਼ੋਰ ਬਿਹਾਰ ਤੇ ਆਸਾਮ ’ਤੇ ਲਗਾ ਦਿੱਤਾ ਗਿਆ, ਜਿੱਥੇ ਇਸ ਸਾਲ ਚੋਣਾਂ ਹੋਣੀਆਂ ਹਨ, ਜਦੋਂ ਕਿ ਪੰਜਾਬ ਵਰਗੇ ਅਹਿਮ ਸੂਬਿਆਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰ ਦਿੱਤਾ ਗਿਆ।
ਨਾ MSP ਵਾਸਤੇ ਅਤੇ ਨਾ ਹੀ ਕਰਜ਼ਾ ਮੁਆਫ਼ੀ ਲਈ ਕੋਈ ਫੰਡ
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਚਾਰ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁਆਏ ਭਰੋਸੇ ਮੁਤਾਬਕ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਦੇਸ਼ ਭਰ ਵਿਚ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਾਸਤੇ ਵੀ ਕੋਈ ਫੰਡ ਨਹੀਂ ਰੱਖੇ ਗਏ, ਜਦੋਂ ਕਿ ਖੇਤੀਬਾੜੀ ਖੇਤਰ ਵਿਚ ਮੰਦੀ ਸਭ ਦੇ ਸਾਹਮਣੇ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੀ. ਐੱਮ.ਫਸਲ ਬੀਮਾ ਯੋਜਨਾ ਬਾਰੇ ਵੀ ਕੁਝ ਨਹੀਂ ਕਿਹਾ ਗਿਆ, ਜਦੋਂ ਕਿ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਵਾਸਤੇ ਹੋਰ ਫੰਡਾਂ ਦੀ ਲੋੜ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।