ਚੰਡੀਗੜ੍ਹ: ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕੌਮਾਂਤਰੀ ਬਜ਼ਾਰ ਦੀਆਂ ਕੀਮਤਾਂ ਨਾਲੋਂ ਕਿਤੇ ਵੱਧ ਦੱਸਣ ਦੇ ਬਿਆਨ 'ਤੇ ਸਿਆਸਤ ਛਿੜੀ ਹੋਈ ਹੈ। ਅਜਿਹੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਪਸ਼ਟ ਕੀਤਾ ਕਿ ਝੋਨੇ ਤੇ ਕਣਕ ਦੀ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਖ਼ਰੀਦ ਦੀ ਗਾਰੰਟੀ ਦੇ ਮੁੱਦੇ ’ਤੇ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।


ਕੇਂਦਰ ਵੱਲੋਂ ‘ਇੱਕ ਦੇਸ਼, ਇੱਕ ਮੰਡੀ’ ਦੇ ਸੰਕਲਪ ਨੂੰ ਲਾਗੂ ਕਰਨ ਦੇ ਮਾਮਲੇ ’ਤੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਦਾਅਵਾ ਕੀਤਾ ਕਿ ਮੁੱਢਲੇ ਪੜਾਅ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੌਜੂਦਾ ਵਿਵਸਥਾ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ ਪਰ ਜੇਕਰ ਕਿਸੇ ਵੀ ਪੜਾਅ ’ਤੇ ਇਸ ਨਾਲ ਛੇੜਛਾੜ ਕੀਤੀ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਖ਼ਿਲਾਫ਼ ਸੰਘਰਸ਼ ਵਿੱਢੇਗਾ।


ਸੁਖਬੀਰ ਬਾਦਲ ਨੇ ਕਿਹਾ ਮੌਜੂਦਾ ਸਮੇਂ ਖੇਤੀਬਾੜੀ ਉਤਪਾਦਨ ਵਿੱਚ ਨਿਵੇਸ਼ ਤੇ ਹੋਰ ਲੋੜੀਂਦੀਆਂ ਵਸਤਾਂ ਦੀ ਕੀਮਤ ਬਹੁਤ ਵਧ ਗਈ ਹੈ, ਜਦਕਿ ਕਿਸਾਨਾਂ ਦੀਆਂ ਜਿਣਸਾਂ ਦੀਆਂ ਕੀਮਤਾਂ ਵਿੱਚ ਖੜ੍ਹੋਤ ਆ ਗਈ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਮੰਡੀ ਕਾਨੂੰਨ ਸਬੰਧੀ ਜਾਰੀ ਕੀਤੇ ਆਰਡੀਨੈਂਸ ਦੇ ਮੁੱਦੇ ’ਤੇ ਕਾਂਗਰਸ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਕਾਂਗਰਸ ਵੱਲੋਂ ਸਰਬ ਪਾਰਟੀ ਮੀਟਿੰਗ ਬੁਲਾਏ ਜਾਣ ਬੇਤੁਕਾ ਕਰਾਰ ਦਿੱਤਾ।


ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪੱਸ਼ਟੀਕਰਨ ਦੇ ਦਿੱਤਾ ਹੈ, ਜਿਸ ਰਾਹੀਂ ਉਨ੍ਹਾਂ ਮੀਡੀਆ ’ਤੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਾਏ ਹਨ।