ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਨੂੰ ਇੱਕ ਦਿਨ ਵਿੱਚ ਸਮੇਟਣ ਦਾ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤੇ ਕਾਂਗਰਸ ਕਿਸਾਨਾਂ ਦੀ ਕੀਤੀ ਜਾ ਰਹੀ 'ਕੁਰਕੀ' ਤੇ ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਨੂੰ ਗਾਂਧੀ ਪਰਿਵਾਰ ਵੱਲੋਂ ਦਿੱਤੀ ਜਾ ਰਹੀ ਹਮਾਇਤ ਵਰਗੇ ਅਹਿਮ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਗਈ ਹੈ।
ਇੱਥੇ ਵਿਧਾਨ ਸਭਾ ਦੇ ਗਲਿਆਰੇ ਵਿੱਚ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਦਿਖਾਉਣ ਵਾਲੇ ਪੋਸਟਰ ਲਹਿਰਾ ਰਹੇ ਅਕਾਲੀ-ਭਾਜਪਾ ਵਿਧਾਇਕਾਂ ਸਮੇਤ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ, ਉਹ ਚਾਹੇ ਕਿਸਾਨ ਹੋਣ, ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀ ਦਲਿਤ, ਨੌਜਵਾਨ, ਸਰਕਾਰੀ ਕਰਮਚਾਰੀ, ਵਪਾਰੀ ਤੇ ਉਦਯੋਗਪਤੀ ਹੋਣ।
ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਪੁਰਾਣੀ ਨੀਤੀ ਮੁਤਾਬਕ ਗਾਂਧੀ ਪਰਿਵਾਰ ਦੀ ਅਗਵਾਈ ਵਿੱਚ ਬੜੀ ਬੇਸ਼ਰਮੀ ਨਾਲ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚੇ ਅਹੁਦੇ ਦੇ ਰਹੀ ਹੈ। ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣਾ ਇਸ ਦੀ ਤਾਜ਼ਾ ਮਿਸਾਲ ਹੈ।
ਪੰਜਾਬ ਦੇ ਇਤਿਹਾਸ ਵਿਚ ਕਾਂਗਰਸ ਸਰਕਾਰ ਨੂੰ ਸਭ ਤੋਂ ਨਿਕੰਮੀ ਸਰਕਾਰ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਇਸ ਨੇ ਨਾ ਸਿਰਫ ਗੰਨਾ ਉਤਪਾਦਕਾਂ ਦੇ 400 ਕਰੋੜ ਰੁਪਏ ਦੇ ਬਕਾਏ ਦੱਬੇ ਹੋਏ ਹਨ, ਸਗੋਂ ਮੌਜੂਦਾ ਪਿੜਾਈ ਦੇ ਸੀਜ਼ਨ ਦੌਰਾਨ ਗੰਨਾ ਉਤਪਾਦਕਾਂ ਨੂੰ ਦੇਣ ਲਈ 470 ਕਰੋੜ ਰੁਪਏ ਦਾ ਵੀ ਪ੍ਰਬੰਧ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲੇਟ ਕਰਵਾਉਣ ਨਾਲ ਘਟੇ ਝਾੜ ਸਦਕਾ ਕਿਸਾਨਾਂ ਨੂੰ 1100 ਕਰੋੜ ਰੁਪਏ ਦਾ ਘਾਟਾ ਪੈ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੇਟ ਬਿਜਾਈ ਕਰਕੇ ਝੋਨੇ ਦੀ ਫਸਲ ਅੰਦਰ ਨਮੀ ਦੀ ਮਾਤਰਾ ਵਧ ਗਈ, ਜਿਸ ਕਰਕੇ ਕਿਸਾਨਾਂ ਨੂੰ ਫਸਲ ਵੇਚਣ ਲਈ 100 ਰੁਪਏ ਤੋਂ ਲੈ ਕੇ 150 ਰੁਪਏ ਪ੍ਰਤੀ ਕੁਇੰਟਲ ਤਕ ਦੀ ਰਿਸ਼ਵਤ ਦੇਣੀ ਪਈ।