ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੁੜ ਆਵਾਜ਼ ਉੱਠੀ ਹੈ। ਹਰਿਆਣਾ ਕਮੇਟੀ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਸਾਂਝੀ ਕਮੇਟੀ ਵਿੱਚੋਂ ਬਹਾਰ ਕਰਨ ਲਈ ਕਿਹਾ ਹੈ। ਜਥੇਦਾਰ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਇਸ ਕਮੇਟੀ ਵਿੱਚੋਂ ਸੁਖਬੀਰ ਬਾਦਲ ਨੂੰ ਬਾਹਰ ਕਰਨਾ ਚਾਹੀਦਾ ਹੈ।



ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਬੇਅਦਬੀ ਕਾਂਡ, ਡੇਰਾ ਸਿਰਸਾ ਦੇ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਤੋਂ ਮੁਆਫ਼ ਦਿਵਾਉਣ ਸਮੇਤ ਕਈ ਹੋਰ ਮਾਮਲਿਆਂ ਵਿੱਚ ਘਿਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਂਝ ਵੀ ਅਕਾਲੀ ਸਰਕਾਰ ਦੇ ਕਾਰਜਕਾਲ ਵੇਲੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਨਹੀਂ ਕੀਤਾ ਸੀ, ਜਿਸ ਕਰਕੇ ਉਨ੍ਹਾਂ ਨੂੰ ਇਸ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ ਸੀ।

ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਸਾਂਝੀ ਕਮੇਟੀ ਅਗਲੇ 15 ਦਿਨਾਂ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ। ਇਹ ਫ਼ੈਸਲਾ ਵੀਰਵਾਰ ਨੂੰ 11 ਮੈਂਬਰੀ ਸਾਂਝੀ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅਗਲੇ 15 ਦਿਨਾਂ ਤੱਕ ਇਹ ਕਮੇਟੀ ਇਸ ਮਾਮਲੇ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਹ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਇਕ ਸੂਚੀ ਤਿਆਰ ਕੀਤੀ ਜਾਵੇਗੀ, ਜਿਸ ਵਿੱਚ ਮੁਕੰਮਲ ਵੇਰਵੇ ਦਰਜ ਹੋਣਗੇ।

ਉਨ੍ਹਾਂ ਦੱਸਿਆ ਕਿ ਇਹ ਕਮੇਟੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਭਾਈ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਲਈ ਕਰਨਾਟਕ ਸਰਕਾਰ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰੇਗੀ ਕਿਉਂਕਿ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਇਨ੍ਹਾਂ ਸਿੰਘਾਂ ਦੀ ਰਿਹਾਈ ਵਿੱਚ ਅੜਿੱਕਾ ਬਣੀਆਂ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਕਮੇਟੀ ਦੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਦੀ ਇਕ ਸਲਾਹਕਾਰ ਕਮੇਟੀ ਦਾ ਗਠਿਤ ਕਰਨ ਤੇ ਸਮੂਹ ਜਥੇਬੰਦੀਆਂ ਦੇ ਵਿਚਾਰ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਇਸ ਕਮੇਟੀ ਦੇ ਨਾਲ ਹੋਰ ਸਬ-ਕਮੇਟੀਆਂ ਵੀ ਗਠਿਤ ਕੀਤੀਆਂ ਜਾਣਗੀਆਂ।