Faridkot News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ਮਾਮਲੇ ਸਬੰਧੀ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਭਗਵੰਤ ਮਾਨ ਹਰ ਚੀਜ਼ ਦੀ ਉਲੰਘਣਾ ਕਰ ਰਹੀ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਪਣੀ ਸਰਕਾਰ ਚਲਾਉਣ ਦੀਆਂ ਨੀਤੀ ਦੇਖੋ। ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲਿਸ ਤੇ ਆਪਣੀ ਤਾਕਤ ਦੀ ਵਰਤੋਂ ਕਰਕੇ ਮੀਡੀਆ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾ ਰਹੀ ਹੈ। ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਏਡੀਜੀਪੀ ਐਲਕੇ ਯਾਦਵ ਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਕੋਟਕਪੂਰਾ ਗੋਲੀ ਕਾਂਡ ਵਿੱਚ ਦੋ ਐਫਆਈਆਰ 129/18 ਤੇ 192/15 ਦਰਜ ਕੀਤੀਆਂ ਗਈਆਂ ਹਨ।
ਚਾਰਜਸ਼ੀਟ ਵਿੱਚ ਐਸਆਈਟੀ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਤੇ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।